ਖਰੀਦ ਏਜੰਸੀਆਂ ਵੱਲੋਂ 22768 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ
ਖਰੀਦੀ ਗਈ ਕਣਕ ਦੀ 132.38 ਕਰੋੜ ਦੀ ਕੀਤੀ ਗਈ ਅਦਾਇਗੀ
ਫ਼ਤਹਿਗੜ੍ਹ ਸਾਹਿਬ : ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਗਏ 32 ਖਰੀਦ ਕੇਂਦਰਾਂ ਵਿੱਚ ਹੁਣ ਤੱਕ 83,800 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 77,470 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ 132.38 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਹੈ ਅਤੇ ਖਰੀਦ ਏਜੰਸੀਆਂ ਵੱਲੋਂ 22,768 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 20,176 ਮੀਟਰਿਕ ਟਨ, ਮਾਰਕਫੈੱਡ ਵੱਲੋਂ 19498 ਮੀਟਰਿਕ ਟਨ, ਪਨਸਪ ਵੱਲੋਂ 9443 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 18926 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 5025 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 4402 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਲਿਆਉਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸੁੱਕਾ ਕੇ ਹੀ ਲਿਆਉਣ ਤਾਂ ਜੋ ਕਣਕ ਦੀ ਖਰੀਦ ਪ੍ਰਕ੍ਰਿਆ ਨਿਰਵਿਘਨ ਚਲਦੀ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਵਾਢੀ ਨਾ ਕਰਵਾਈ ਜਾਵੇ।