ਪਟਿਆਲਾ : ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਂਟ ਦੀ ਵਾਪਰੀ ਘਟਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ ਤੁਰੰਤ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਿੱਖ ਸੰਗਤ ਦੇ ਹਿਰਦੇ ਵਲਧੂੰਰੇ ਜਾਂਦੇ ਹਨ ਇਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਚੇਤ ਰਹਿਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੇਂ ਸਮੇਂ ’ਤੇ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ, ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ ਕਿ ਬਿਜਲੀ ਉਪਰਕਣ ਚੱਲਦੇ ਨਾ ਛੱਡੇ ਜਾਣ, ਜਿਸ ਕਾਰਨ ਸ਼ਾਰਟ ਸਰਕਟ ਹੋਣ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਸ਼ਹਿਰ ਵਿਚ ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵੀ ਸ਼ਾਰਟ ਸਰਕਟ ਕਾਰਨ ਦੋ ਸਰੂਪ ਅਗਨ ਭੇਂਟ ਹੋਣ ਉਪਰੰਤ ਤੁਰੰਤ ਪ੍ਰਭਾਵ ਦੇ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਸਮੇਤ ਪ੍ਰਬੰਧਕਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ, ਜੋ ਘਟਨਾ ਸਬੰਧੀ ਰਿਪੋਰਟ ਤਿਆਰ ਕਰਕੇ ਦਫਤਰ ਵਿਖੇ ਭੇਜਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਗਰਮੀ ਦੇ ਸੀਜਨ ਦੌਰਾਨ ਬਿਜਲੀ ਦਾ ਵੱਧ ਲੋਡ ਹੁੰਦਾ ਇਸ ਕਰਕੇ ਏ.ਸੀ. ਜਾਂ ਪੱਖਿਆਂ ਸਮੇਤ ਬਲੱਬ, ਟਿਊਬ ਦੀ ਵਰਤੋਂ ਸੰਜਮ ਤੇ ਸੰਕੋਚ ਰੱਖ ਕੇ ਹੀ ਕੀਤੀ ਜਾਵੇ ਤਾਂ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।