ਫ਼ਤਹਿਗੜ੍ਹ ਸਾਹਿਬ : ਸੇਫ ਸਕੂਲ ਵਾਹਨ ਪਾਲਿਸੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤੀ ਗਈ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਹੀਂ ਵਿਖਾਉਣੀ ਚਾਹੀਦੀ ਇਸ ਲਈ ਸਮੂਹ ਸਕੂਲ ਪ੍ਰਬੰਧਕ ਤੇ ਪ੍ਰਿੰਸੀਪਲ ਸੇਫ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਤਾਂ ਜੋ ਸਕੂਲੀ ਬੱਸਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਜ਼ਿਲ੍ਹੇ ਦੇ ਸਕੂਲਾਂ ਦੇ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਨ੍ਹਾਂ ਸਖਤ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗਾ ਇਸ ਲਈ ਸਕੂਲ ਪ੍ਰਬੰਧਕ ਅਤੇ ਪ੍ਰਿੰਸੀਪਲ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਕੂਲ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਵਿੱਚ ਦਰਜ਼ ਸਾਰੇ ਉਪਕਰਣ ਜਰੂਰ ਹੋਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਵੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਹ ਸੜਕਾਂ ਤੇ ਚੱਲਦੇ ਹੋਏ ਸੜਕੀ ਹਾਦਸਿਆਂ ਤੋਂ ਬਚੇ ਰਹਿਣ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਇਸ ਲਈ ਸਾਡਾ ਇਹ ਫਰਜ਼ ਬਣਦਾ ਹੈ ਕਿ ਆਪਣੇ ਦੇਸ਼ ਦੇ ਭਵਿੱਖ ਦੀ ਸੁਰੱਖਿਆ ਵਿੱਚ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਹੜੀਆਂ ਸਕੂਲ ਬੱਸਾਂ ਵਿੱਚ ਲੜਕੀਆਂ ਸਫਰ ਕਰਦੀਆਂ ਹੋਣ ਉਨ੍ਹਾਂ ਵਿੱਚ ਮਹਿਲਾ ਅਟੈਂਡੰਟ, ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿੱਚ ਹੋਣੇ ਬਹੁਤ ਜਰੂਰੀ ਹਨ। ਇਸ ਤੋਂ ਇਲਾਵਾ ਸਕੂਲ ਬੱਸਾਂ ਵਿੱਚ ਸਪੀਡ ਗਵਰਨ, ਅੱਗ ਬੁਝਾਓ ਯੰਤਰ, ਫਸਟ ਏਡ ਕਿੱਟ, ਡਰਾਇਵਰ ਤੇ ਅਟੈਂਡੰਟ ਦੀ ਵਰਦੀ ਆਦਿ ਅਜਿਹੀਆਂ ਪ੍ਰਮੁੱਖ ਵਸਤਾਂ ਹਨ ਜਿਨ੍ਹਾਂ ਤੋਂ ਬਿਨਾਂ ਸਕੂਲੀ ਬੱਸਾਂ ਨਹੀਂ ਚਲਾਈਆਂ ਜਾ ਸਕਦੀਆਂ।
ਇਸ ਲਈ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਕੂਲੀ ਬੱਸਾਂ ਸੇਫ ਸਕੂਲ ਵਾਹਨ ਪਾਲਿਸੀ ਵਿੱਚ ਦਰਸਾਏ ਉਪਕਰਣਾ ਵਾਲੀਆਂ ਹੋਣੀਆਂ ਚਾਹੀਦੀਆਂ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਕੂਲੀ ਬੱਸਾਂ 15 ਸਾਲ ਤੋਂ ਵੱਧ ਪੁਰਾਣੀਆਂ ਨਹੀਂ ਹੋਣੀਆਂ ਚਾਹੀਦੀਆਂ ਜੇਕਰ ਕਿਸੇ ਸਕੂਲ ਦੀ ਬੱਸ ਅਜਿਹੀ ਹੈ ਤਾਂ ਉਸ ਨੂੰ ਤੁਰੰਤ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਕੀਤੀ ਜਾਣ ਵਾਲੀ ਚੈਕਿੰਗ ਵਿੱਚ ਜੇਕਰ ਅਜਿਹੀ ਬੱਸ ਪਾਈ ਜਾਂਦੀ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਵਿੱਚੋਂ ਬੱਚਿਆਂ ਨੂੰ ਬੱਸ ਵਿੱਚ ਚੜਾਉਣ ਜਾਂ ਉਤਾਰਣ ਸਮੇਂ ਸਕੂਲ ਦੇ ਦਰਵਾਜੇ ਵਾਲੇ ਪਾਸੇ ਹੀ ਬੱਸ ਰੋਕੀ ਜਾਣੀ ਚਾਹੀਦੀ ਹੈ ਤਾਂ ਜੋ ਬੱਚਿਆਂ ਨੂੰ ਸੜਕ ਪਾਰ ਨਾ ਕਰਨੀ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਸਕੂਲਾਂ ਵੱਲੋਂ ਵਾਰ-ਵਾਰ ਚਲਾਨ ਹੋਣ ਉਪਰੰਤ ਵੀ ਸੇਫ ਸਕੂਲ ਵਾਹਨ ਪਾਲਿਸੀ ਵਿੱਚ ਦੱਸੀਆਂ ਗਈਆਂ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਜੇਕਰ ਅਜਿਹਾ ਪਾਇਆ ਗਿਆ ਤਾਂ ਸਬੰਧਤ ਸਕੂਲ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ। ਇਸ ਮੌਕੇ ਖੇਤਰੀ ਟਰਾਂਸਪੋਰਟ ਅਫਸਰ ਸ਼੍ਰੀ ਨਮਨ ਮੜਕਨ ਨੇ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਕੂਲ ਬੱਸ ਚਲਾਉਣ ਵਾਲੇ ਚਾਲਕ ਨੂੰ ਰੱਖਣ ਤੋਂ ਪਹਿਲਾਂ ਉਸ ਦੇ ਪਿਛੋਕੜ ਬਾਰੇ ਵੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ ਅਤੇ ਜੇਕਰ ਕਿਸੇ ਡਰਾਈਵਰ ਦਾ ਲਾਲ ਬੱਤੀ ਦੀ ਉਲੰਘਣਾ ਕਰਨ ਬਾਰੇ 2 ਤੋਂ ਵੱਧ ਚਲਾਨ ਹੁੰਦਾ ਹੈ ਤਾਂ ਉਸ ਨੂੰ ਬੱਸ ਚਲਾਉਣ ਦੀ ਇਜਾਜਤ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਬੱਸ ਦੀ ਸਮਰੱਥਾ ਤੋਂ ਵੱਧ ਬੱਚੇ ਨਾ ਬਿਠਾਏ ਜਾਣ ਅਤੇ ਡਰਾਈਵਰ ਕੋਲ ਜਰੂਰੀ ਦਸਤਾਵੇਜ ਹੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਬੱਸ ਦੇ ਡਰਾਈਵਰ ਕੋਲ ਪੰਜ ਸਾਲ ਦਾ ਹੈਵੀ ਡਰਾਇਵਿੰਗ ਲਾਇਸੈਂਸ ਹੋਣਾ ਬਹੁਤ ਜਰੂਰੀ ਹੈ ਅਤੇ ਸਕੂਲ ਬੱਸ ਦੇ ਡਰਾਈਵਰ ਤੇ ਅਟੈਂਡੰਟ ਨੂੰ ਅੱਗ ਬੁਝਾਓ ਯੰਤਰ ਚਲਾਉਣਾ ਆਉਣਾ ਚਾਹੀਦਾ ਹੈ ਤਾਂ ਜੋ ਲੋੜ ਪੈਣ ਤੇ ਇਸ ਦੀ ਵਰਤੋਂ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਕੂਲ ਬੱਸ ਦੀਆਂ ਖਿੜਕੀਆਂ ਤੇ ਗਰਿੱਲਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ, ਬੱਸ ਦਾ ਦਰਵਾਜਾ ਖੁਲਣ ਸਮੇਂ ਸਟਾਪ ਸਿੰਗਲ ਅਲਾਰਮ ਫਿੱਟ ਹੋਣਾ ਚਾਹੀਦਾ ਹੈ, ਬੱਸ ਦੇ ਸੱਜੇ ਪਾਸੇ ਐਮਰਜੰਸੀ ਦਰਵਾਜਾ ਹੋਣਾ ਚਾਹਦੀ ਹੈ ਜਿਸ ਦਾ ਹੇਠਲਾ ਲੈਵਲ ਬੱਸ ਦੇ ਫਰਸ਼ ਤੱਕ ਹੋਣਾ ਚਾਹੀਦਾ ਹੈ ਅਤੇ ਬੱਸ ਦੇ ਪਿੱਛੇ ਐਮਰਜੰਸੀ ਖਿੜਕੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਨਿਰੰਤਰ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ,ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਸ਼ਾਲੂ ਮਹਿਰਾ, ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਸਮਸ਼ੇਰ ਸਿੰਘ, ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਨੇਹਾ ਸਿੰਗਲਾ ਤੋਂ ਇਲਾਵਾ ਸਕੂਲ ਪ੍ਰਬੰਧਕ, ਪ੍ਰਿੰਸੀਪਲ ਅਤੇ ਹੋਰ ਅਧਿਕਾਰੀ ਹਾਜਰ ਸਨ।