ਫ਼ਤਹਿਗੜ੍ਹ ਸਾਹਿਬ : ਗਰਭ ਦੌਰਾਨ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਵਾਸਤੇ ਘਰਾਂ ਵਿੱਚ ਹੋਣ ਵਾਲੇ ਜਣੇਪਿਆਂ ਨੂੰ ਰੋਕਣਾ ਬਹੁਤ ਜਰੂਰੀ ਹੈ ਕਿਉਂਕਿ ਘਰਾਂ ਵਿੱਚ ਹੋਣ ਵਾਲੇ ਜਣੇਪੇ ਸਮੇਂ ਉਹ ਸਾਰੇ ਮੈਡੀਕਲ ਉਪਕਰਣ ਤੇ ਲੋੜੀਂਦੇ ਸਾਧਨ ਮੌਜੂਦ ਨਹੀਂ ਹੁੰਦੇ ਜਿਸ ਕਾਰਨ ਗਰਭਵਤੀ ਔਰਤਾਂ ਦੀ ਮੌਤ ਹੋ ਜਾਂਦੀ ਹੈ। ਇਸ ਨੂੰ ਰੋਕਣਾ ਬਹੁਤ ਜਰੂਰੀ ਹੈ ਇਸ ਲਈ ਆਸ਼ਾ ਵਰਕਰਾਂ ਰਾਹੀਂ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਾ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਗਰਭ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਟਰੇਂਡ ਦਾਈਆਂ ਨੂੰ ਘਰਾਂ ਵਿੱਚ ਜਣੇਪਾ ਨਾ ਕਰਵਾਉਣ ਬਾਰੇ ਹਦਾਇਤ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਸ਼੍ਰੀਮਤੀ ਈਸ਼ਾ ਸਿੰਗਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਪ੍ਰੋਗਰਾਮ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੱਲ ਰਹੇ ਅਲਟਰਾਂ ਸਾਊਂਡ ਕੇਂਦਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਗਰਭ ਦੌਰਾਨ ਲੜਕੇ ਤੇ ਲੜਕੀ ਸਬੰਧੀ ਜਾਂਚ ਕਰਨ ਵਾਲੇ ਅਲਟਰਾ ਸਾਊਂਡ ਕੇਂਦਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲਾਂ ਅੰਦਰ ਇਲਾਜ ਲਈ ਆਉਣ ਵਾਲੇ ਲੋਕਾਂ ਨਾਲ ਵਧੀਆ ਵਿਵਹਾਰ ਵਰਤਿਆ ਜਾਵੇ । ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਮਲੇਰੀਆ ਦੀ ਰੋਕਥਾਮ ਲਈ 30 ਅਪ੍ਰੈਲ ਤੱਕ ਮਨਾਏ ਜਾਣ ਵਾਲੇ ਵਿਸ਼ਵ ਟੀਕਾਕਰਨ ਹਫਤੇ ਤਹਿਤ ਮਾਈਗਰੇਟਰੀ ਪਾਪੂਲੇਸ਼ਨ ਦੇ ਏਰੀਏ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ ਤਾਂ ਜੋ ਮਲੇਰੀਆ ਦੀ ਬਿਮਾਰੀ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਫੌਗਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਡੇਂਗੂ ਰੋਕਥਾਮ ਪ੍ਰੋਗਰਾਮ ਤਹਿਤ ਡੇਂਗੂ ਦਾ ਲਾਰਵਾ ਮਿਲਣ ਵਾਲੇ ਸਥਾਨਾਂ ਦੇ ਚਲਾਨ ਕਰਨ ਦੀ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਜਨਮ ਤੇ ਮੌਤ ਦੀ ਰਜਿਸਟਰੇਸ਼ਨ ਕਰਵਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ: ਦਲਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਸ਼੍ਰੀ ਬਲਜਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।