ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ (ਭਾਰਤ) ਦੇ ਸਰਗਰਮ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਲੋਕ ਸਭਾ ਚੋਣਾਂ ਵਿੱਚ ਵੋਟਾਂ ਮੰਗਣ ਆਏ ਹਰ ਇੱਕ ਰਾਜਨੀਤਕ ਪਾਰਟੀ ਦੇ ਉਮੀਦਵਾਰ ਨੂੰ ਕਿਸਾਨੀ ਮੰਗਾਂ ਸਬੰਧੀ ਸਵਾਲ ਪੁੱਛੇਗਾ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਸਵਾਲਾਂ ਦਾ ਪੋਸਟਰ ਤਿਆਰ ਕੀਤਾ ਗਿਆ ਹੈ ਜਿੰਨ੍ਹਾਂ ਨੂੰ ਪਿੰਡਾਂ ਦੀਆਂ ਜਨਤਕ ਥਾਵਾਂ ਤੇ ਲਾਇਆ ਜਾਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸਵਾਲਾਂ ਦੇ ਜਵਾਬ ਨਾ ਦੇਣ ਵਾਲੇ ਉਮੀਦਵਾਰਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੀ ਅਗਵਾਈ ਹੇਠ 13 ਫਰਵਰੀ ਤੋਂ ਕਿਸਾਨ ਪੰਜਾਬ ਹਰਿਆਣਾ ਦੇ ਬਾਰਡਰਾਂ ਤੇ ਲੱਗੇ ਮੋਰਚਿਆਂ ਚ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਡਟੇ ਹੋਏ ਹਨ ਲੇਕਿਨ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਅਣਗੌਲਿਆਂ ਕਰ ਰਹੀ ਹੈ। ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੇ ਕਹਿਣ ਤੇ ਦਿੱਲੀ ਜਾਣ ਤੋਂ ਰੋਕਿਆ ਗਿਆ ਤੇ ਨਾਲ ਹੀ ਤਸ਼ੱਦਦ ਵੀ ਕੀਤਾ ਗਿਆ। ਉਨ੍ਹਾਂ ਭਾਜਪਾ ਨੂੰ ਨੌਜਵਾਨ ਕਿਸਾਨਾਂ ਦੀ ਕਾਤਲ ਦੱਸਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਭਾਜਪਾ ਸਾਡੇ ਨੌਜਵਾਨਾਂ ਦੀ ਕਾਤਿਲ ਹੈ,ਜੇਕਰ ਉਨ੍ਹਾਂ ਦਾ ਕੋਈ ਆਗੂ ਸਾਡੇ ਪਿੰਡ ਵਿੱਚ ਵੋਟਾਂ ਮੰਗਣ ਆਇਆ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ, ਮੋਦੀ ਸਰਕਾਰ ਸਾਨੂੰ ਦਿੱਲੀ ਨਹੀਂ ਜਾਣ ਦੇਣਾ ਚਾਹੁੰਦੀ ਤੇ ਹੁਣ ਅਸੀਂ ਉਨ੍ਹਾਂ ਨੂੰ ਆਪਣੇ ਪਿੰਡਾਂ ਵਿੱਚ ਨਹੀਂ ਆਉਣ ਦੇਵਾਂਗੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਸਮੇਤ ਕਾਂਗਰਸ,ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਕਿਸਾਨਾਂ,ਮਜ਼ਦੂਰਾਂ ਤੇ ਪੰਜਾਬ ਦੀ ਜਨਤਾ ਨਾਲ ਆਪੋ ਆਪਣੇ ਕਾਰਜਕਾਲ ਦੌਰਾਨ ਵੱਡਾ ਧੋਖਾ ਕੀਤਾ ਹੈ, ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਆਗੂ ਨੂੰ ਪਿੰਡ ਲੈਕੇ ਆਉਂਦਾ ਹੈ ਤਾਂ ਉਸ ਦੇ ਵਿਰੋਧ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰਾਂਗੇ ਜੇਕਰ ਉਮੀਦਵਾਰਾਂ ਵੱਲੋਂ ਸਪੱਸ਼ਟ ਜਵਾਬ ਦੇਣ ਦੀ ਥਾਂ ਟਾਲਮਟੋਲ ਕੀਤੀ ਗਈ ਤਾਂ ਜੰਮਕੇ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਜਾਵੇਗਾ।ਕਿਸਾਨ ਆਗੂ ਚੱਠਾ ਕਿਹਾ ਜਿੰਨਾ ਸਮਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਪੰਜਾਬ ਦੇ ਪਿੰਡਾਂ 'ਚ ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਰਹਾਂਗੇ।