Friday, November 22, 2024

Chandigarh

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

April 27, 2024 12:24 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।

ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ।ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 'ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ