ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅੱਜ 27 ਅਪ੍ਰੈਲ ਨੂੰ ਸਵੇਰੇ ਨਗਰ ਕੀਰਤਨ ਸਜਾਇਆ ਜਾਵੇਗਾ। ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ 19 ਨੰਬਰ ਫਾਟਕ ਰਾਹੀਂ ਲਾਹੌਰ ਗੇਟ ਸ਼ਹਿਰ ਵਿਚ ਦਾਖਲ ਹੋਵੇਗਾ, ਜੋ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਵੇਗਾ। ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਉਲੀਕੇ ਗਏ ਧਾਰਮਕ ਸਮਾਗਮ ਸਬੰਧੀ ਪੋਸਟਰ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਜਾਰੀ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ 28 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਕੁਰਬਾਨੀ ਕੀਰਤਨ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਭਾਈ ਹਰਦੀਪ ਸਿੰਘ ਪਿਖਲਾਨੀ ਵਾਲੇ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਹਜੂਰੀ ਰਾਗੀ ਭਾਈ ਅਮਨਦੀਪ ਸਿੰਘ, ਭਾਈ ਜਬਰਤੋੜ ਸਿੰਘ ਜੀ ਆਦਿ ਪੁੱਜ ਰਹੇ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 29 ਅਪ੍ਰੈਲ ਨੂੰ ਭਾਈ ਜਸਵਿੰਦਰ ਸਿੰਘ ਹਜੂਰੀ ਰਾਗੀ, ਭਾਈ ਸੁਰਿੰਦਰ ਸਿੰਘ ਅਤੇ ਭਾਈ ਨਛੱਤਰ ਸਿੰਘ ਜੀ ਹਜੂਰੀ ਰਾਗੀ ਦਰਬਾਰ ਸਾਹਿਬ ਅਤੇ ਉਚੇਚੇ ਤੌਰ ’ਤੇ ਕਥਾ ਵਿਚਾਰ ਗਿਆਨੀ ਕੁਲਵੰਤ ਸਿੰਘ ਜੀ ਲੁਧਿਆਣੇ ਵਾਲੇ ਸੰਗਤਾਂ ਨਾਲ ਸਾਂਝ ਪਾਉਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਉਲੀਕੇ ਇਨ੍ਹਾਂ ਧਾਰਮਕ ਸਮਾਗਮਾਂ ਵਿਚ ਸੰਗਤਾਂ ਹੁੰਮ ਹੁੰਮਾ ਕੇ ਪੁੱਜਣ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਪਿ੍ਰਤਪਾਲ ਸਿੰਘ, ਕੈਪਟਨ ਖੁਸ਼ਵੰਤ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜ਼ਰ ਜੋਗਾ ਸਿੰਘ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।