ਪਟਿਆਲਾ : ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ (Principal Secretary, Technical Education and Industrial Training) ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ (Deputy Commissioner) ਸ਼ੌਕਤ ਅਹਿਮਦ ਪਰੇ ਅਤੇ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ 'ਚ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (District Administrative Block) ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।
ਬੈਠਕ ਦੌਰਾਨ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਕਣਕ (wheat) ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਕਿਸਾਨ ਅਤੇ ਉਸਦੀ ਫਸਲ ਨੂੰ ਪਹਿਲੀ ਤਰਜ਼ੀਹ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਫ਼ਸਲ ਲਿਆਏ ਕਿਸਾਨਾਂ ਨੂੰ ਮੰਡੀ ਵਿੱਚ ਬੈਠਣਾ ਨਾ ਪਵੇ ਸਗੋਂ ਆਉਂਦੇ ਸਾਰ ਹੀ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਪ੍ਰਮੁੱਖ ਸਕੱਤਰ ਤਕਨੀਕ ਸਿੱਖਿਆ ਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਪਟਿਆਲਾ ਦੀ ਨਵੀਂ ਅਨਾਜ ਮੰਡੀ ਵਿਖੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਸਾਨਾਂ ਪਾਸੋਂ ਖਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਾਜ਼ਰ ਕਿਸਾਨਾਂ ਵੱਲੋਂ ਵੀ ਨਾਲੋ ਨਾਲ ਹੋ ਰਹੀ ਖਰੀਦ ਅਤੇ ਭੁਗਤਾਨ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ (Deputy Commissioner) ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਬੰਧਤ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰਦੇ ਹੋਏ ਕਣਕ ਦੀ ਨਾਲੋਂ ਨਾਲ ਖਰੀਦ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੇ ਦਿਨ ਤੱਕ 8 ਲੱਖ 24 ਹਜ਼ਾਰ 898 ਮੀਟਰਿਕ ਟਨ ਦੀ ਆਮਦ ਹੋਈ ਅਤੇ ਇਸ ਵਿੱਚ 8 ਲੱਖ 9 ਹਜ਼ਾਰ 97 ਮੀਟਰਿਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 1702 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਅਤੇ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਦੀ ਸਮਰੱਥਾ ਨਾਲ ਲਿਫ਼ਟਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਹਿਸਾਬ ਨਾਲ ਹੁਣ ਤੱਕ ਮੰਡੀਆਂ 'ਚ 92 ਫ਼ੀਸਦੀ ਕਣਕ ਦੀ ਆਮਦ ਹੋ ਚੁੱਕੀ ਹੈ।
ਇਸ ਮੌਕੇ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਐਸ.ਡੀ.ਐਮ. ਦੁਧਨਸਾਧਾਂ ਮਨਜੀਤ ਕੌਰ, ਡੀ.ਐਫ.ਐਸ.ਸੀ. ਰਵਿੰਦਰ ਕੌਰ, ਏ.ਸੀ.ਐਫ.ਏ ਰਾਕੇਸ਼ ਗਰਗ ਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।