ਜਲੰਧਰ : ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਸ਼ਨੀਵਾਰ ਨੂੰ ਜਲੰਧਰ 'ਚ ਸਾਰੇ ਜ਼ਿਲਾ ਪ੍ਰਧਾਨਾਂ ਦੇ ਨਾਲ-ਨਾਲ ਭਾਜਪਾ ਦੀਆਂ ਮਹਿਲਾ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਵਾਰ ਦੇ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਅਹਿਮ ਭੂਮਿਕਾ ਹੋਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਪਹਿਲਾਂ ਨਾਲੋਂ ਜ਼ਿਆਦਾ ਜਾਗਰੂਕ ਹੋਈਆਂ ਹਨ ਅਤੇ ਉਹ ਮੋਦੀ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਲਈ ਬਣਾਈਆਂ ਗਈਆਂ ਸਕੀਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।
ਜੈਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਭਾਰਤੀ ਜਨਤਾ ਪਾਰਟੀ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਦਾ ਵਿਕਾਸ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਦੇਸ਼ ਨੂੰ ਵਿਕਾਸਸ਼ੀਲ ਦੇਸ਼ਾਂ ਦੀ ਸੂਚੀ ਵਿੱਚੋਂ ਵਿਕਸਤ ਦੇਸ਼ਾਂ ਦੀ ਸੂਚੀ ਵਿੱਚ ਲਿਜਾਣ ਲਈ ਹੋਰ ਵੀ ਕਈ ਅਹਿਮ ਯੋਜਨਾਵਾਂ ਲਾਗੂ ਕਰਕੇ ਅੱਗੇ ਵਧਣਾ ਹੈ। ਅਤੀਤ 'ਚ ਇਸ ਮਾਮਲੇ 'ਤੇ ਕਿਸੇ ਵੀ ਪਾਰਟੀ ਨੇ ਓਨੀ ਗੰਭੀਰਤਾ ਨਾਲ ਕੋਈ ਫੈਸਲਾ ਨਹੀਂ ਲਿਆ ਜਿੰਨਾ ਮੋਦੀ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਦਿਖਾਇਆ ਹੈ। ਜਲੰਧਰ ਦੀਆਂ ਔਰਤਾਂ ਨੇ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੂੰ ਭਰੋਸਾ ਦਿੱਤਾ ਕਿ ਉਹ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾ ਕੇ ਲੋਕ ਸਭਾ ਚੋਣਾਂ ਵਿੱਚ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਲਈ ਵੱਧ ਤੋਂ ਵੱਧ ਔਰਤਾਂ ਨੂੰ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੇ।