ਸੰਗਰੂਰ : ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੀਤ ਮੇਅਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਵੀ ਸੰਗਰੂਰ ਹਲਕੇ ਤੋਂ ਬਹੁਤ ਚਿੰਤਾ ਰਹਿੰਦੀ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਇਹ ਗੱਲ ਵੀ ਕਹੀ ਸ੍ਰੀ ਅਰਵਿੰਦ ਕੇਜਰੀਵਾਲ ਅਕਸਰ ਮੈਨੂੰ ਸੰਗਰੂਰ ਬਾਰੇ ਪੁੱਛਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੈਂ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲਣ ਗਿਆ ਸੀ ਤਾਂ ਸੱਭ ਤੋਂ ਪਹਿਲਾਂ ਉਨ੍ਹਾਂ ਨੇ ਸੰਗਰੂਰ ਬਾਰੇ ਹੀ ਪੁੱਛਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਜਦੋਂ ਮੈਂ ਅਗਲੀ ਵਾਰ ਉਨ੍ਹਾਂ ਨੂੰ ਮਿਲਣ ਆਵਾਂਗਾ ਤਾਂ ਸੰਗਰੂਰ ਦੀ ਅਸਲ ਸਥਿਤੀ ਦੱਸਾਂਗਾ ਅਤੇ ਅੱਜ ਲੋਕਾਂ ਦਾ ਉਤਸ਼ਾਹ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਅਸੀਂ ਸੰਗਰੂਰ ਤੋਂ ਵੱਡੇ ਫ਼ਰਕ ਨਾਲ ਜਿੱਤ ਰਹੇ ਹਾਂ।
ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਤਿੰਨੇ ਪਾਰਟੀਆਂ ਕੋਲ ਉਮੀਦਵਾਰ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਡੀਆ ਗਠਜੋੜ ਨੂੰ ਕਰੀਬ 120 ਤੋਂ 125 ਸੀਟਾਂ ਮਿਲ ਰਹੀਆਂ ਹਨ ਅਤੇ ਇਸ ਵਾਰ ਗਠਜੋੜ ਦੀ ਸਰਕਾਰ ਬਣਨੀ ਲਗਪਗ ਤੈਅ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਸਰਕਾਰ ਵਿੱਚ ਆਮ ਆਦਮੀ ਪਾਰਟੀ ਦੀ ਭਾਈਵਾਲੀ ਵਾਲੀ ਸਰਕਾਰ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਵਾਰ ਕਮਲ ਦਾ ਫੁੱਲ ਖਿੜਨ ਨਹੀਂ ਦੇਣਾ। ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦਾ ਨੰਬਰ 1 ਸੂਬਾ ਬਣਾਉਣ ਦਾ ਵਾਅਦਾ ਦੁਹਰਾਉਂਦਿਆਂ ਕਿਹਾ ਕਿ ਆਪ ਦੀ ਹਿੱਸੇਦਾਰੀ ਤੋਂ ਬਿਨਾਂ ਸਰਕਾਰ ਨਹੀਂ ਬਣੇਗੀ। ਆਪ ਦੇਸ਼ ਦਾ ਭਵਿੱਖ ਤੈਅ ਕਰੇਗੀ, ਨੌਜਵਾਨਾਂ ਲਈ ਰੁਜ਼ਗਾਰ ਕਿਵੇਂ ਦੇਣਾ ਹੈ, ਸਕੂਲ, ਹਸਪਤਾਲ, ਬਿਜਲੀ ਆਦਿ ਬੁਨਿਆਦੀ ਢਾਂਚਾ ਕਿਵੇਂ ਬਣਾਇਆ ਜਾਵੇਗਾ।