ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਰਣਨੀਤੀ ਬਾਰੇ ਕੀਤਾ ਵਿਚਾਰ-ਵਟਾਂਦਰਾ
ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇੱਕਜੁੱਟ ਹੋ ਕੇ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਅਤੇ ਸਾਂਸਦ ਬਣਨ ਤੋਂ ਬਾਅਦ ਉਹ ਖੇਡਾਂ ਅਤੇ ਯੁਵਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਗੇ। ਐਨ. ਕੇ. ਸ਼ਰਮਾ ਅੱਜ ਇੱਥੇ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸਓਆਈ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨ ਚਾਹੁਣ ਤਾਂ ਕਿਸੇ ਵੀ ਮੁਹਿੰਮ ਨੂੰ ਨਵਾਂ ਮੋੜ ਦੇ ਸਕਦੇ ਹਨ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਲਈ ਕਈ ਵਿਕਾਸ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।
ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਚਾਰ ਵਜੇ ਦੌੜ ਲਗਾਓ ਅਤੇ ਪੰਜ ਲੱਖ ਰੁਪਏ ਇਨਾਮ ਪਾਓ ਸਕੀਮ ਸ਼ੁਰੂ ਕੀਤੀ ਸੀ। ਇਸ ਸਕੀਮ ਨਾਲ ਜੁੜ ਕੇ ਡੇਰਾਬੱਸੀ ਇਲਾਕੇ ਦੇ ਹਜ਼ਾਰਾਂ ਨੌਜਵਾਨਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਖੇਡਾਂ ਦਾ ਸਮਾਨ ਲਿਆ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਖੇਡਾਂ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੀ ਚੋਣ ਜਿੱਤਣ ਤੋਂ ਬਾਅਦ ਪੂਰੇ ਲੋਕ ਸਭਾ ਹਲਕੇ ਵਿੱਚ ਨੌਜਵਾਨਾਂ ਲਈ ਇਹ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਐਸਓਆਈ ਦੇ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਟੀਮਾਂ ਬਣਾ ਕੇ ਲੋਕ ਸਭਾ ਹਲਕੇ ਵਿੱਚ ਪ੍ਰਚਾਰ ਕਰਨ।
ਇੱਕ ਬੂਥ, ਦਸ ਯੂਥ ਦਾ ਨਾਅਰਾ ਦਿੰਦਿਆਂ ਸ਼ਰਮਾ ਨੇ ਕਿਹਾ ਕਿ ਇੱਕ-ਇੱਕ ਬੂਥ ਦਸ-ਦਸ ਨੌਜਵਾਨ ਸੰਭਾਲੇ ਅਤੇ ਚੋਣਾਂ ਤੱਕ ਮਾਈਕ੍ਰੋ ਮੈਨੇਜਮੈਂਟ ਰਾਹੀਂ ਪ੍ਰਚਾਰ ਕਰਨ। ਇਸ ਮੌਕੇ ਐਸਓਆਈ ਹਰਪ੍ਰੀਤ ਸਿੰਘ, ਸਹਿਜ ਸਿੰਘ ਜ਼ੈਲਦਾਰ, ਦਿਲਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਸੁਖਮਨਜੀਤ ਸਿੰਘ, ਸਤਨਾਮ ਸਿੰਘ, ਸਿਮਰਪ੍ਰੀਤ ਸਿੰਘ, ਹਰਸ਼ਿਤ ਕੁਮਾਰ ਸਮੇਤ ਐਸਓਆਈ ਦੇ ਕਈ ਅਹੁਦੇਦਾਰ ਹਾਜ਼ਰ ਸਨ।