ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਜਿਥੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਮੁੱਖਵਾਕ ਲਿਆ ਅਤੇ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀਪਮਾਲਾ ਕਰਵਾਏ ਅਤੇ ਦੇਰ ਰਾਤ ਤੱਕ ਧਾਰਮਕ ਦੀਵਾਨ ਵਿਖੇ ਸਜਾਏ ਗਏ। ਇਸ ਦੌਰਾਨ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਕਥਾ ਪ੍ਰਵਾਹ ਰਾਹੀਂ ਨਿਹਾਲ ਕੀਤਾ ਕਰਦਿਆਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਤਿਹਾਸ ਅੰਦਰ ਹਿੰਦ ਦੀ ਚਾਦਰ ਕਰਕੇ ਜਾਣੇ ਜਾਂਦੇ ਗੁਰੂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਜੀਵਨ ਅੰਦਰ ਜ਼ਬਰ ਜ਼ੁਲਮ ਦੇ ਖਿਲਾਫ਼ ਇਕ ਲੜਾਈ ਲੜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਆਪ ਜੀ ਦੀ ਬਾਣੀ ਮਾਨਵਤਾ ਦਾ ਕਲਿਆਣ ਕਰਦੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਕਾਲ ਵਿਚ ਕਸ਼ਮੀਰੀ ਪੰਡਤਾਂ ਨੇ ਸ੍ਰੀ ਗੁਰੂ ਸਾਹਿਬ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਦੀ ਫਰਿਆਦ ਮੰਨ ਕੇ ਆਪਣੀ ਅਦੁੱਤੀ ਸ਼ਹਾਦਤ ਦਿੱਤੀ।
ਨੌਵੇਂ ਪਾਤਸ਼ਾਹ ਦਾ ਜੀਵਨ ਇਤਿਹਾਸ ਅਤੇ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ ਹੈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਅਤੇ ਭਾਈ ਜਬਰਤੋੜ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਮੈਨੇਜਰ ਕਰਨੈਲ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਮੇਤ ਪੁੱਜੇ ਹਜੂਰੀ ਰਾਗੀ ਕੀਰਤਨੀਆਂ ਸਮੇਤ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਸੇਵ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ ਚੱਢਾ, ਤਰਲੋਕ ਸਿੰਘ ਤੋਰਾ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।