ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜੀ ਲਿਆਉਣ ਦੀ ਕੀਤੀ ਹਦਾਇਤ
ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਵਿਖੇ ਦੌਰਾ ਕਰਨ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸ਼ਿਆਵਾਂ ਸਬੰਧੀ ਜਾਇਜਾ ਲੈਣ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਟ੍ਰਾਂਸਪੋਰਟੇਸ਼ਨ ਅਤੇ ਲੇਬਰ ਦੀ ਘਾਟ ਹੋਣ ਕਾਰਨ ਲਿਫਟਿੰਗ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਲਿਫਟਿੰਗ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 225612 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 221225 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 48706, ਮਾਰਕਫੈੱਡ ਨੇ 48170, ਪਨਸਪ ਨੇ 38508, ਵੇਅਰ ਹਾਊਸ ਨੇ 48844 ,ਐੱਫ ਸੀ ਆਈ ਨੇ 21837 ਮੀਟ੍ਰਿਕ ਟਨ ਕਣਕ ਅਤੇ ਵਪਾਰੀਆਂ ਨੇ 15160 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ 88829 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਇਸ ਮੌਕ ਐਸਡੀਐਮ ਫਤਹਿਗੜ੍ਹ ਸਾਹਿਬ ਸ੍ਰੀਮਤੀ ਇਸਮਤ ਵਿਜੇ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ, ਡੀਐਮ ਪਨਸਪ ਬਨਦੀਪ ਕਾਲੇਕਾ, ਡੀਐਫਐਸਸੀ ਮੀਨਾਕਸ਼ੀ, ਡੀਐਮ ਮਾਰਕਫੈਡ ਸਚਿਨ ਅਰੋੜਾ ਅਤੇ ਕੇਵਲ ਸਿੰਘ ਏਐਫਐਸਓ, ਬੀਰਦਵਿੰਦਰ ਸਿੰਘ ਫੀਡ ਅਫਸਰ ਪਨਸਪ ਤੋਂ ਇਲਾਵਾ ਸਾਰੀਆਂ ਏਜੰਸੀਆਂ ਦੇ ਸਬੰਧਤ ਇੰਸਪੈਕਟਰ ਅਤੇ ਹੋਰ ਆੜਤੀਏ ਮੌਜੂਦ ਸਨ।