ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ ਵਿੱਚ ਮੁਲਾਕਾਤ ਕੀਤੀ। ਆਪ ਦੇ ਸੂਤਰਾਂ ਅਨੁਸਾਰ ਸੁਨੀਤਾ ਕੇਜਰੀਵਾਲ ਨੂੰ ਸੋਮਵਾਰ ਨੂੰ ਆਪਣੇ ਪਤੀ ਨੂੰ ਮਿਲਣ ਦੀ ਆਗਿਆ ਦਿੱਤੀ ਗਈ। ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰ ਅੱਗੇ ਆਤਿਸ਼ੀ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਨਾ ਚਾਹਿਆ ਤਾਂ ਉਨ੍ਹਾਂ ਨੇ ਅੱਗੋਂ ਕਿਹਾ ਕਿ ਦਿੱਲੀ ਦੇ ਸਕੂਲੀ ਬੱਚਿਆਂ ਨੂੰ ਕਿਤਾਬਾਂ ਮਿਲ ਰਹੀਆਂ ਹਨ? ਕੀ ਮੁਹੱਲਾ ਕਲੀਨਿਕਾਂ ਵਿੱਚ ਦਵਾਈਆਂ ਪਹੁੰਚ ਰਹੀਆਂ ਹਨ ? ਆਤਿਸ਼ੀ ਨੇ ਪੱਤਰਕਾਰਾਂ ਨੂੰ ਦਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਲੋਕਾਂ ਦੀ ਬਹੁਤ ਚਿੰਤਾ ਹੈ। ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਆਪਣਾ ਫ਼ਿਕਰ ਘੱਟ ਹੈ ਦਿੱਲੀ ਵਾਸੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੁੂਲਤਾਂ ਨੂੰ ਲੈ ਕੇ ਉਹ ਚਿੰਤਤ ਹਨ। ਆਤਿਸ਼ੀ ਨੇ ਪੱਤਰਕਾਰਾਂ ਨੂੰ ਦਸਿਆ ਕਿ ਅਰਵਿੰਦ ਕੇਜਰੀਵਾਲ ਨੇ ਉਸਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ਕਿ ਗਰਮੀਆਂ ਦੌਰਾਨ ਦਿੱਲੀ ਵਿੱਚ ਪਾਣੀ ਦੀ ਕੋਈ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਦਿੱਲੀ ਦੀਆਂ ਔਰਤਾਂ ਨੂੰ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਕੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕਰਨਗੇ।