ਸੁਨਾਮ : ਸੁਨਾਮ ਪਟਿਆਲਾ ਮੁੱਖ ਸੜਕ ਤੇ ਮੋਰਾਂਵਾਲੀ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਜ਼ਦੀਕ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਖਿਲਾਫ ਇਲਾਕੇ ਦੇ ਲੋਕਾਂ ਨੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਧਾਰਮਿਕ ਅਸਥਾਨ ਤੇ ਸਕੂਲ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਤੋਂ ਰੋਕਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਿਖਤੀ ਪੱਤਰ ਭੇਜੇ ਗਏ ਹਨ। ਮੰਗਲਵਾਰ ਨੂੰ ਸੁਨਾਮ ਵਿਖੇ ਮੋਰਾਂਵਾਲੀ ਦੇ ਵਸਨੀਕਾਂ ਸਾਬਕਾ ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ, ਸਾਬਕਾ ਕੌਂਸਲਰ ਦਰਸ਼ਨ ਸਿੰਘ, ਕੇਹਰ ਸਿੰਘ ਜੋਸ਼ਨ, ਗੁਰਤੇਜ ਸਿੰਘ ਅਤੇ ਗੁਰਚਰਨ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਸੁਨਾਮ ਪਟਿਆਲਾ ਮੁੱਖ ਸੜਕ ਤੇ ਸ਼ਰਾਬ ਦਾ ਠੇਕਾ ਖੋਲਿਆ ਜਾ ਰਿਹਾ ਹੈ, ਜਦਕਿ ਇਸ ਜਗ੍ਹਾ ਦੇ ਨਜ਼ਦੀਕ ਗੁਰੂ ਘਰ, ਸਰਕਾਰੀ ਪ੍ਰਾਇਮਰੀ ਸਕੂਲ, ਬਾਬਾ ਪਰਮਾਨੰਦ ਕੁਟੀਆ ਨੂੰ ਜਾਂਦਾ ਮੁੱਖ ਰਸਤਾ ਅਤੇ ਇੱਕ ਨਿੱਜੀ ਹਸਪਤਾਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਵਿੱਤਰ ਥਾਵਾਂ ਦੇ ਨਜ਼ਦੀਕ ਸ਼ਰਾਬ ਦਾ ਠੇਕਾ ਖੋਲ੍ਹਣਾ ਕਾਨੂੰਨ ਅਨੁਸਾਰ ਵੀ ਗ਼ਲਤ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਥਾਂ ਤੇ ਠੇਕਾ ਖੋਲ੍ਹਣ ਤੋਂ ਰੋਕਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਡਿਪਟੀ ਕਮਿਸ਼ਨਰ ਸੰਗਰੂਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਐਸਡੀਐਮ ਸੁਨਾਮ ਨੂੰ ਲਿਖਤੀ ਪੱਤਰ ਭੇਜੇ ਹਨ, ਜੇਕਰ ਫਿਰ ਵੀ ਇੰਨਾ ਅਸਥਾਨਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਯਤਨ ਕੀਤਾ ਗਿਆ ਤਾਂ ਇਲਾਕੇ ਦੀ ਸੰਗਤ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਣ ਤੋਂ ਗ਼ੁਰੇਜ਼ ਨਹੀਂ ਕਰੇਗੀ।