ਸੁਨਾਮ : ਟਕਸਾਲੀ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨੂੰ ਝੂਠ ਅਤੇ ਫਰੇਬ ਹੀ ਪਰੋਸਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਸਰਕਾਰੀ ਨੌਕਰੀਆਂ, ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਕੋਰਾ ਝੂਠ ਬੋਲ ਰਹੀ ਹੈ ਜਦਕਿ ਹਕੀਕਤ ਕੁੱਝ ਹੋਰ ਬਿਆਨ ਕਰ ਰਹੀ ਹੈ। ਸੋਮਵਾਰ ਦੇਰ ਰਾਤ ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਜਗਦੇਵ ਸਿੰਘ ਦੌਲਾ ਸਿੰਘ ਵਾਲਾ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਰਾਜਧਾਨੀ ਦਾ ਗੜ੍ਹ ਤੋੜਨ ਲਈ ਸੰਗਰੂਰ ਲੋਕ ਸਭਾ ਹਲਕੇ ਤੋਂ ਤੇਜ਼ ਤਰਾਰ ਵਾਹਿਦ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਤਾਂ ਜੋ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਹੀ ਸ਼ੁਰੂ ਹੋਈ ਝੂਠ ਦੀ ਦੁਕਾਨ ਨੂੰ ਪੱਕੇ ਤੌਰ 'ਤੇ ਬੰਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਭਰੋਸੇ ਦਾ ਕਤਲ ਕਰਕੇ ਦੋ ਸਾਲਾਂ 'ਚ ਸਿਰਫ਼ ਝੂਠ ਹੀ ਲੋਕਾਂ ਨੂੰ ਪਰੋਸਿਆ ਹੈ। ਪੰਜਾਬ ਦੀ ਜਨਤਾ ਹੁਣ ਇਸ ਝੂਠ ਦੀ ਦੁਕਾਨ ਨੂੰ ਇਨ੍ਹਾਂ ਚੋਣਾਂ 'ਚ ਹੀ ਬੰਦ ਕਰਨ ਲਈ ਕਾਹਲੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗੈਰ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਭਾਜਪਾ ਦੀ ਕਠਪੁਤਲੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਖੁਸ਼ੀ ਮਨਾਉਣ ਵਾਲਿਆਂ ਵਿੱਚ ਕਥਿਤ ਤੌਰ ਤੇ ਭਗਵੰਤ ਮਾਨ ਵੀ ਸ਼ਾਮਿਲ ਸਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ਼ ਕਰੇਗੀ, ਸੂਬੇ ਦੇ ਵੋਟਰ ਹੋਰ ਕਿਸੇ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਜਗਦੇਵ ਸਿੰਘ ਦੌਲਾ ਸਿੰਘ ਵਾਲਾ, ਰਿੰਪਲ ਧਾਲੀਵਾਲ ਲਖਮੀਰਵਾਲਾ, ਸੁਰਿੰਦਰ ਸਿੰਘ ਭਰੂਰ, ਕ੍ਰਿਪਾਲ ਸਿੰਘ ਭੰਗੂ ਸਮੇਤ ਹੋਰ ਆਗੂ ਹਾਜ਼ਰ ਸਨ।