ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਭਾਜਪਾ ਅਤੇ ਕਾਂਗਰਸ 'ਤੇ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਅੱਜ ਜੇਕਰ ਕੋਈ ਹਿੰਦੂ-ਸਿੱਖ ਭਾਈਚਾਰੇ ਦੀ ਗੱਲ ਕਰਦਾ ਹੈ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ। ਅਕਾਲੀ ਦਲ ਨੇ ਹਮੇਸ਼ਾ ਹੀ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ। ਐਨ. ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿੱਚ ਵਰਕਰਾਂ ਨਾਲ ਰੂਬਰੂ ਹੋਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਸੂਬੇ ਵਿੱਚ ਯਾਦਗਾਰਾਂ ਬਣਵਾਈਆਂ ਗਈਆਂ ਹਨ। ਉੱਥੇ ਹੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਹਿੰਦੂ-ਸਿੱਖ ਭਾਈਚਾਰਕ ਸਾਂਝ ਖਰਾਬ ਕਰਨ ਵਾਲੀਆਂ ਰਹੀਆਂ ਹਨ। ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਹੀ ਇਹ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਧਰਮ ਦੇ ਨਾਮ 'ਤੇ ਆਪਸ ਵਿੱਚ ਵੰਡ ਕੇ ਕਿਵੇਂ ਰਾਜ ਕੀਤਾ ਜਾਵੇ।
ਹੁਣ ਪਿਛਲੇ ਦੋ ਸਾਲਾਂ ਤੋਂ ਆਮ ਆਦਮੀ ਪਾਰਟੀ ਨੇ ਵੀ ਉਹੀ ਰਾਹ ਅਪਣਾ ਲਿਆ ਹੈ। ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ 'ਤੇ ਚੱਲ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਿਆ ਜਾ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਵਿਜ਼ਨਲੈੱਸ ਸਰਕਾਰ ਸੱਤਾ ਵਿੱਚ ਆਈ ਹੈ। ਇਸ ਸਰਕਾਰ ਨੇ ਦੋ ਸਾਲਾਂ ਵਿੱਚ ਵਿਕਾਸ ਦੇ ਨਾਮ ’ਤੇ ਕੋਈ ਕੰਮ ਨਹੀਂ ਕੀਤਾ ਅਤੇ ਪ੍ਰਚਾਰ ’ਤੇ 750 ਕਰੋੜ ਰੁਪਏ ਖਰਚ ਕਰ ਦਿੱਤੇ ਹਨ। ਐਨ.ਕੇ. ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਵਿਰੋਧੀ ਸੈੱਲ ਦੇ ਨੰਬਰ ਜਨਤਕ ਕਰਨ ਦਾ ਢੌਂਗ ਕਰ ਰਹੇ ਹਨ ਅਤੇ ਦੂਜੇ ਪਾਸੇ ‘ਆਪ’ ਆਗੂ ਸ਼ਰੇਆਮ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਪਹਿਲ ਦੇ ਆਧਾਰ 'ਤੇ ਸਾਰੇ 9 ਵਿਧਾਨ ਸਭਾ ਹਲਕਿਆਂ 'ਚ ਅਕਾਲੀ ਸਰਕਾਰ ਦੀ ਤਰਜ਼ 'ਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੀ ਵੀਹ ਸਾਲਾਂ ਤੋਂ ਇਹ ਪਰੰਪਰਾ ਰਹੀ ਹੈ ਕਿ ਇੱਥੋਂ ਚੋਣ ਜਿੱਤਣ ਤੋਂ ਬਾਅਦ ਸੰਸਦ ਮੈਂਬਰਾਂ ਨੇ ਜਨਤਾ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ ਪਰ ਇੱਕ ਵਾਰ ਜਦੋਂ ਜਨਤਾ ਉਨ੍ਹਾਂ ਨੂੰ ਮੌਕਾ ਦੇਵੇਗੀ ਤਾਂ ਉਹ ਪੰਜ ਸਾਲ ਜਨਤਾ ਲਈ ਉਪਲਬਧ ਰਹਿਣਗੇ।