ਜ਼ਿਲ੍ਹੇ ਦੇ 400 ਪੋਲਿੰਗ ਬੂਥਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ , ਇੱਕ ਏ.ਪੀ.ਆਰ.ਓ ਅਤੇ ਦੋ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੀ ਮੌਜੂਦਗੀ ਵਿੱਚ ਐਨ.ਆਈ.ਸੀ. ਦਫ਼ਤਰ ਵਿੱਚ ਸਮਰਪਿਤ ਡੀ.ਆਈ.ਐਸ.ਈ.ਸੌਫਟਵੇਅਰ ਦੀ ਵਰਤੋਂ ਕਰਕੇ ਕੀਤ ਗਈ । ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦਾ ਮਨੋਰਥ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ 2186 ਤੋਂ ਵੱਧ ਅਧਿਕਾਰੀਆਂ/ ਕਰਮਚਾਰੀਆਂ ਦਾ ਵਰਗੀਕਰਨ ਕਰਨਾ ਸੀ, ਜਿਨ੍ਹਾਂ ਨੂੰ ਚੋਣਾਂ ਦੌਰਾਨ ਵੱਖ ਵੱਖ ਅਹਿਮ ਡਿਊਟੀਆਂ ਸੌਂਪੀਆਂ ਜਾਣੀਆਂ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਅਮਲੇ ਦੀ ਚੋਣਾਂ ਵਿੱਚ ਪਾਰਦਰਸ਼ੀ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਵੱਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਲੋਕਤੰਤਰੀ ਤਿਉਹਾਰ ਵਾਲੇ ਦਿਨ (01 ਜੂਨ ) ਨੂੰ ਪੋਲਿੰਗ ਸਟਾਫ ਇਕ ਪ੍ਰੀਜ਼ਾਈਡਿੰਗ ਅਫ਼ਸਰ , ਇੱਕ ਏ.ਪੀ.ਆਰ.ਓ ਅਤੇ ਦੋ ਪੋਲਿੰਗ ਅਫ਼ਸਰ ਦੀਆਂ ਡਿਊਟੀਆਂ ਲਗਾਈਆ ਜਾ ਸਕਣ ।ਉਨ੍ਹਾਂ ਹੋਰ ਦੱਸਿਆ ਕਿ ਪੋਲਿੰਗ ਸਟਾਫ ਦੀ ਪਹਿਲੀ ਰਹਿਸਲ 05 ਅਪ੍ਰੈਲ ਨੂੰ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਨਿਯਤ ਕੀਤੀ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ 1 ਜੂਨ ਨੂੰ ਸੁਚਾਰੂ ਅਤੇ ਨਿਰਵਿਘਨ ਮਤਦਾਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਡੀ.ਆਈ.ਓ ਸ੍ਰੀਮਤੀ ਸ਼ਾਈਨ ਕਮਲ , ਚੋਣ ਤਹਿਸੀਲਦਾਰ ਸ੍ਰੀ ਬ੍ਰਿਜ ਮੋਹਨ,ਮਨਪ੍ਰੀਤ ਸਿੰਘ, ਸਾਹਿਲ ਗਰਗ ਮੌਜੂਦ ਸਨ ।