ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਸਜਾਵਟ ਨੇ ਸਾਰਿਆਂ ਦਾ ਧਿਆਨ ਖਿੱਚਿਆ, ਉਥੇ ਹੀ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਤਿਸ਼ਬਾਜ਼ੀ ਕਰਕੇ ਪ੍ਰਕਾਸ਼ ਦਿਹਾੜਾ ਧੂਮਧਾਮ ਢੰਗ ਨਾਲ ਮਨਾਇਆ। ਗੁਰਦੁਆਰਾ ਸਾਹਿਬ ਵਿਖੇ ਦੇਰ ਰਾਤ ਦੀਵਾਨ ਹਾਲ ਵਿਖੇ ਕਥਾ ਵਿਚਾਰ ਗਿਆਨੀ ਕੁਲਵੰਤ ਸਿੰਘ ਨੇ ਸੰਗਤਾਂ ਨਾਲ ਸਾਂਝ ਪਾਈ।
ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ, ਭਾਈ ਦਵਿੰਦਰ ਸਿੰਘ ਅਕਾਲ ਆਸ਼ਰਮ ਸੋਹਾਣਾ, ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਨੇ ਗੁਰ ਸ਼ਬਦ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਸਂਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਅਪਾਰ ਕਿਰਪਾ ਸਦਕਾ ਹੀ ਸੰਗਤ ਇਨ੍ਹਾਂ ਦੀਵਾਨਾਂ ’ਚ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਾਣੀ ਭਗਤੀ ਅਤੇ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਆਪ ਜੀ ਵੱਲੋਂ ਮਨੁੱਖੀ ਹੱਕਾਂ ਦੀ ਰਾਖੀ ਲਈ ਦਿੱਤੀ ਸ਼ਹਾਦਤ ਨੇ ਅਜਿਹੀ ਜੀਵਨ ਜਾਂਚ ਦਿੱਤੀ ਹੈ,
ਜਿਸ ਦੀ ਇਤਿਹਾਸ ਅੰਦਰ ਕਿਤੇ ਵੀ ਅਨੌਖੀ ਮਿਸਾਲ ਨਹੀਂ ਮਿਲਦੀ। ਗੁਰੂ ਸਾਹਿਬ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ’ਤੇ ਅਪਾਰ ਕਿਰਪਾ ਹੁੰਦੀ ਅਤੇ ਸਮਾਜਕ ਬੰਧਨਾਂ ਤੋਂ ਮੁਕਤੀ ਮਿਲਣ ਦੇ ਨਾਲ ਪ੍ਰਮਾਤਮਾ ਨੂੰ ਪਾਉਣ ਦਾ ਮਾਰਗ ਵੀ ਦਰਸ਼ਨ ਹੁੰਦਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਧਾਰਮਕ ਸਮਾਗਮ ਦੀ ਸਫਲਤਾ ਲਈ ਸਹਿਯੋਗ ਕਰਨ ਵਾਲੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿਨ੍ਹ ਦੇ ਕੇ ਨਿਵਾਜਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਗਿਆਨੀ ਪਿ੍ਰਤਪਾਲ ਸਿੰਘ, ਗਿਆਨੀ ਫੂਲਾ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ, ਸਿਮਰਨ ਗਰੇਵਾਲ, ਭਵਨਪੁਨੀਤ ਸਿੰਘ, ਤਰਲੋਕ ਸਿੰਘ ਤੋਰਾ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।