ਮੋਹਾਲੀ : ਇਸ ਵਾਰ 'ਪਾਰ 70' ਦੇ ਨਾਅਰੇ ਨਾਲ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਵੀਪ ਪ੍ਰੋਗਰਾਮਾਂ ਵਿੱਚ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਵੀ ਭਾਗੀਦਾਰ ਬਣੇਗਾ। ਟਰੱਸਟ ਪੰਜਾਬ ਦੀਆਂ ਪੇਂਡੂ ਔਰਤਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗਾ। ਇਸ ਦੇ ਲਈ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਹਿਲਾ ਪੰਚਾਇਤਾਂ ਦਾ ਗਠਨ ਕੀਤਾ ਜਾਵੇਗਾ।
ਟਰੱਸਟ ਦੀ ਪੰਜਾਬ ਪ੍ਰਧਾਨ ਹਰਦੀਪ ਕੌਰ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਮੁਲਾਕਾਤ ਕਰਨ ਉਪਰੰਤ ਦੱਸਿਆ ਕਿ ਦਿਸ਼ਾ ਵੂਮੈਨ ਵੈਲਫੇਅਰ ਟਰੱਸਟ ਦੀਆਂ ਮਹਿਲਾ ਵਰਕਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੋਟਾਂ ਸਬੰਧੀ ਸਰਵੇ ਕੀਤਾ ਗਿਆ। ਜਿਸ ਰਾਹੀਂ ਇਹ ਗੱਲ ਸਾਹਮਣੇ ਆਈ ਕਿ ਦੇਸ਼ ਦੇ ਸਭ ਤੋਂ ਖੁਸ਼ਹਾਲ ਸੂਬੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਅੱਜ ਵੀ ਪੁਰਸ਼ ਇਹ ਫੈਸਲਾ ਕਰਦੇ ਹਨ ਕਿ ਘਰ ਦੀਆਂ ਔਰਤਾਂ ਨੇ ਕਿਸ ਨੂੰ ਵੋਟ ਪਾਉਣੀ ਹੈ।
ਔਰਤਾਂ ਨੂੰ ਆਪਣੀ ਮਰਜ਼ੀ ਅਨੁਸਾਰ ਦੇਸ਼ ਦੀ ਸਰਕਾਰ ਚੁਣਨ ਦਾ ਅਧਿਕਾਰ ਵੀ ਨਹੀਂ ਹੈ। ਇਸ ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਦਿਸ਼ਾ ਟਰੱਸਟ ਵੱਲੋਂ "ਜਾਗ ਭੈਣੇ ਜਾਗ" ਮੁਹਿੰਮ ਤਹਿਤ ਪੇਂਡੂ ਔਰਤਾਂ ਦੇ ਹਿੱਤ ਵਿੱਚ ਮਹਿਲਾ ਪੰਚਾਇਤਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮਹਿਲਾ ਪੰਚਾਇਤਾਂ ਰਾਹੀਂ ਪੇਂਡੂ ਔਰਤਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾਵੇਗਾ ਅਤੇ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਉਹ ਕਿਸ ਨੂੰ ਵੋਟ ਪਾਉਣ, ਇਹ ਫੈਸਲਾ ਕਰਨ ਦਾ ਅਧਿਕਾਰ ਸਿਰਫ਼ ਉਨ੍ਹਾਂ ਕੋਲ ਹੈ। ਵੋਮੈਨ ਐਕਟੀਵਿਸਟ ਹਰਦੀਪ ਕੌਰ ਨੇ ਦੱਸਿਆ ਕਿ ਇਸ ਦੇ ਲਈ ਪੰਜਾਬ ਦੀ ਸਿਆਸੀ ਰਾਜਧਾਨੀ ਵਜੋਂ ਮਸ਼ਹੂਰ ਸਿਲੀਕਾਨ ਸਿਟੀ ਮੋਹਾਲੀ, ਰਾਇਲ ਸਿਟੀ ਪਟਿਆਲਾ ਵਿੱਚ ਮਹਿਲਾ ਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪ੍ਰਸ਼ਾਸਨ ਦੇ ਸਵੀਪ ਅਫ਼ਸਰਾਂ ਨੂੰ ਬੁਲਾਇਆ ਜਾਵੇਗਾ ਜਦਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮਹਿਲਾ ਸੈੱਲਾਂ ਦੀਆਂ ਜ਼ਿਲ੍ਹਾ ਪ੍ਰਧਾਨਾਂ ਨੂੰ ਬੁਲਾਇਆ ਜਾਵੇਗਾ। ਇਨ੍ਹਾਂ ਮਹਿਲਾ ਜ਼ਿਲ੍ਹਾ ਪ੍ਰਧਾਨਾਂ ਅੱਗੇ ਪੇਂਡੂ ਔਰਤਾਂ ਆਪਣਾ ਏਜੰਡਾ ਪੇਸ਼ ਕਰਨਗੀਆਂ। ਇਨ੍ਹਾਂ ਪੰਚਾਇਤਾਂ ਵੱਲੋਂ ਆਉਣ ਵਾਲੇ ਸੁਝਾਅ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਮੰਗ ਪੱਤਰ ਦੇ ਰੂਪ ਵਿੱਚ ਸੌਂਪੇ ਜਾਣਗੇ ਤਾਂ ਜੋ ਉਹ ਇਸ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਲ ਕਰ ਸਕਣ।