ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਮੀਤ ਹੇਅਰ ਨੇ ਜਹਾਂਗੀਰ ਪਿੰਡ ਦੇ ਕਿਸਾਨ ਦੀ ਜ਼ਮੀਨ ਦੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਮਾਮਲਾ ਜਿਉਂ ਦੀ ਤਿਉਂ ਮੂੰਹ ਅੱਡੀ ਖੜ੍ਹਾ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਈ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਜਨਕ ਸਿੰਘ ਭੁਟਾਲ , ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਧੂਰੀ ਬਲਾਕ ਦੇ ਪਿੰਡ ਜਹਾਂਗੀਰ ਦੇ ਕਿਸਾਨ ਗੁਰਚਰਨ ਸਿੰਘ ਦੀ ਜ਼ਮੀਨ ਇੱਕ ਬਾਰਸੂਖ਼ ਵਿਅਕਤੀ ਵੱਲੋਂ ਹੇਰਾਫੇਰੀ ਨਾਲ ਹੜੱਪਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਦੇ ਸੰਬੰਧ ਵਿੱਚ ਵਾਰ-ਵਾਰ ਜ਼ਿਲਾ ਪ੍ਰਸ਼ਾਸਨ ਨਾਲ ਮੀਟਿੰਗਾਂ ਕੀਤੀਆਂ ਅਤੇ ਆਪ ਸਰਕਾਰ ਦੇ ਮੰਤਰੀ ਮੀਤ ਹੇਅਰ ਨੂੰ ਬਰਨਾਲਾ ਉਹਦੇ ਘਰ ਵਿੱਚ ਜਾਕੇ ਜਥੇਬੰਦੀ ਦੇ ਸੂਬਾਈ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਨੇ ਮੀਟਿੰਗਾਂ ਕੀਤੀਆਂ ਲੇਕਿਨ ਕੋਈ ਵੀ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜ ਮਈ ਤੋਂ ਕੈਬਨਿਟ ਮੰਤਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ ਅਤੇ ਹਲਕੇ ਅੰਦਰ ਪ੍ਰਚਾਰ ਲਈ ਆਉਣ ਸਮੇਂ ਵੀ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਭਗਵੰਤ ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਅਜੇ ਤੱਕ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ , ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਤੇ ਵੀ ਸਰਕਾਰ ਚੁੱਪ ਬੈਠੀ ਹੈ । ਉਨ੍ਹਾਂ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੰਗੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਕਿਸਾਨਾਂ ਨੂੰ ਗੋਲੀਆਂ ਮਾਰਕੇ ਸ਼ਹੀਦ ਕੀਤਾ ਜਾ ਰਿਹਾ ਹੈ। ਇਸ ਮੌਕੇ ਬਹਾਲ ਸਿੰਘ ਢੀਂਡਸਾ ,ਗੋਬਿੰਦਰ ਸਿੰਘ ਮੰਗਵਾਲ ,ਜਸਵੰਤ ਸਿੰਘ ਤੋਲਾਵਾਲ ,ਰਣਜੀਤ ਸਿੰਘ ਲੌਂਗੋਵਾਲ, ਜਸਵੀਰ ਸਿੰਘ ਗੱਗੜਪੁਰ, ਧਰਮਿੰਦਰ ਸਿੰਘ ਪਿਸ਼ੌਰ, ਰੋਸ਼ਨ ਮੂਨਕ, ਹਰਬੰਸ ਸਿੰਘ ਲੱਡਾ, ਨਾਇਬ ਸਿੰਘ ਗੁੱਜਰਾਂ ਹਾਜ਼ਰ ਸਨ।