ਫ਼ਤਹਿਗੜ੍ਹ ਸਾਹਿਬ : ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਜਾਰੀ ਕੀਤਾ ਗਿਆ। ਇਨ੍ਹਾਂ ਕਿਉ.ਆਰ. ਕੋਡ ਦੀ ਸਹਾਇਤਾ ਨਾਲ ਵੋਟਰ ਆਪਣੀ ਲੋੜ ਅਨੁਸਾਰ ਮੋਬਾਇਲ ਐਪ ਡਾਊਨਲੋਡ ਕਰ ਸਕਣਗੇ। ਇਨ੍ਹਾਂ ਮੋਬਾਇਲ ਐਪ ਵਿੱਚ ਵੋਟਰ ਹੈਲਪ ਲਾਇਨ, ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਸਕਸ਼ਮ ਐਪ, ਸੀ. ਵਿਜਿਲ, ਨੋ ਯੂਅਰ ਕੈਂਡੀਡੇਟ, ਵੋਟਰ ਸਰਵਿਸ ਪੋਰਟਲ ਤੇ ਵੋਟਰ ਅਵੇਅਰਨੈੱਸ ਐਪ ਸ਼ਾਮਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅਜੌਕੇ ਸੂਚਨਾ ਤਕਨਾਲੌਜੀ ਦੇ ਦੌਰ ਵਿੱਚ ਚੋਣ ਕਮਿਸ਼ਨ ਵੱਲੋਂ ਇਹ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸਿ਼ਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੋਬਾਇਲ ਐਪ ਆਈ.ਫੋਨ ਤੇ ਐਂਡਰਾਇਡ ਫੋਨ ਲਈ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀਆਂ ਗਈਆਂ ਹਨ।
ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਤੇ ਦਿਵਿਆਂਗਜਨਾਂ ਨੂੰ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ, ਤਾਂ ਜੋ ਬਜ਼ੁਰਗ ਤੇ ਦਿਵਆਂਗ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਆਸਾਨੀ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 054-ਬਸੀ ਪਠਾਣਾ,055-ਫ਼ਤਹਿਗੜ੍ਹ ਸਾਹਿਬ ਤੇ 056-ਅਮਲੋਹ ਵਿੱਚ ਇੱਕ-ਇੱਕ ਪਿੰਕ ਪੋਲਿੰਗ ਸਟੇਸ਼ਨ ਵੀ ਬਣਾਇਆ ਜਾ ਰਿਹਾ ਹੈ ਜਿਥੇ ਕਿ ਚੋਣ ਅਮਲੇ ਵਿੱਚ ਮਹਿਲਾਵਾਂ ਦੀ ਡਿਊਟੀ ਹੀ ਲਗਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਪੀਣ ਵਾਲੇ ਸਾਫ ਸੁਥਰੇ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ ਅਤੇ ਔਰਤਾਂ ਤੇ ਮਰਦਾਂ ਲਈ ਵੱਖਰੇ ਪਖਾਨਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹੋਰ ਦੱਸਿਆ ਕਿ ਚੋਣ ਅਮਲੇ ਦੀ ਚੋਣਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਪੋਸਟਲ ਬੈਲਟ ਪੇਪਰ (ਫਾਰਮ ਨੰ: 12) ਦੀ ਸਹੂਲਤ ਵੀ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਸਾਡਾ ਸੰਵਿਧਾਨਕ ਹੱਕ ਹੈ ਅਤੇ ਇਸ ਦੇ ਇਸਤੇਮਾਲ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ । ਇਸ ਲਈ ਵੋਟਰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਤੇ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਵੀ ਹਾਜਰ ਸਨ।