ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਨੂੰ ਘੇਰਿਆ ਹੈ। ਜਥੇਬੰਦੀ ਨੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਨਾ ਦੇਣ ਲਈ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਸੂਬੇ ਦੀ ‘ਆਪ’ ਸਰਕਾਰ ਕਿਸਾਨਾਂ ਪ੍ਰਤੀ ਬਿਲਕੁਲ ਵੀ ਸੰਜੀਦਾ ਨਹੀਂ ਹੈ। ਕੁਦਰਤੀ ਆਫਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਨਹੀਂ ਦੇ ਰਹੀ। ਸੁਨਾਮ ਦੇ ਪਿੰਡ ਬਖਸ਼ੀਵਾਲਾ ਵਿੱਚ ਗੜ੍ਹੇਮਾਰੀ ਕਾਰਨ ਸੱਤ ਸੌ ਏਕੜ ਕਣਕ ਦੀ ਫ਼ਸਲ ਤਬਾਹ ਹੋ ਗਈ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਡੀਸੀ ਸੰਗਰੂਰ ਅਤੇ ਡੀਸੀ ਬਠਿੰਡਾ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਰਿਪੋਰਟ ਬਣਾ ਦਿੱਤੀ ਗਈ ਹੈ ਪਰ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਇਹ ਦਾਅਵਾ ਕਰਦੇ ਹਨ ਕਿ ਉਹ ਨੁਕਸਾਨ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣਗੇ। ਗਿਰਦਾਵਰੀ ਬਾਅਦ ਵਿੱਚ ਹੁੰਦੀ ਰਹੇਗੀ। ਮੁੱਖ ਮੰਤਰੀ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਅੰਤਰ ਹੈ। ਉਨ੍ਹਾਂ ਸਿੱਧੇ ਤੌਰ ’ਤੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਹ ’ਤੇ ਚੱਲ ਰਹੀ ਹੈ ਅਤੇ ਕਿਸਾਨ ਵਿਰੋਧੀ ਫੈਸਲੇ ਇਸ ਸਰਕਾਰ ਨੂੰ ਮਹਿੰਗੇ ਸਾਬਤ ਹੋਣਗੇ। ਉਗਰਾਹਾਂ ਨੇ ਕਿਹਾ ਕਿ ਲੋਕਾਂ ਦਾ ਸਿਆਸੀ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ। ਸਿਆਸੀ ਲੋਕ ਆਪਣੇ ਘਰ ਭਰ ਰਹੇ ਹਨ ਅਤੇ ਜਨਤਾ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਆਪਣੀ ਵੋਟ ਨਹੀਂ ਪਾਉਣ ਜਾ ਰਹੇ, ਸਗੋਂ ਸੁੱਟਣ ਜਾ ਰਹੇ ਹਨ। ਇਸੇ ਤਰ੍ਹਾਂ ਇੱਕ ਦਿਨ ਇਨ੍ਹਾਂ ਆਗੂਆਂ ਦਾ ਵੀ ਸਫ਼ਾਇਆ ਹੋ ਜਾਵੇਗਾ।