ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ 2024 ਵਿੱਚ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੋਟਰਾਂ ਨੂੰ ਜਾਗਰੂਕ ਕਰਕੇ ਇਸ ਵਾਰ 70 ਪਾਰ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਹਿਲਾਂ ਜਿਥੇ ਵੱਖ-ਵੱਖ ਫਲਾਂ 'ਤੇ ਸਟਿਕਰ ਲਗਾ ਕੇ ਅਤੇ ਅਨਾਜ ਮੰਡੀਆਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਤੇ ਹੋਰ ਜਨਤਕ ਥਾਵਾਂ 'ਤੇ ਨੁਕੜ ਨਾਟਕਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਉਸੇ ਕੜੀ ਤਹਿਤ ਅੱਜ ਸਵੀਪ ਟੀਮਾਂ ਵੱਲੋਂ ਬੱਸ ਸਟੈਂਡ ਸਰਹਿੰਦ ਵਿਖੇ ਬੱਸਾਂ ਅੰਦਰ ਸਟਿਕਰ ਲਗਾ ਕੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਸਾਡਾ ਸੰਵਿਧਾਨਕ ਹੱਕ ਹੈ ਅਤੇ ਸਾਨੂੰ ਕਦੇ ਵੀ ਆਪਣੇ ਇਸ ਹੱਕ ਦੀ ਵਰਤੋਂ ਕਰਨ ਤੋਂ ਅਵੇਸਲਾ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਵੋਟ ਦੀ ਤਾਕਤ ਇੱਕ ਅਜਿਹੀ ਸ਼ਕਤੀ ਹੈ ਜਿਸ ਦੀ ਵਰਤੋਂ ਨਾਲ ਹਰੇਕ ਨਾਗਰਿਕ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਵੀਪ ਪ੍ਰੋਗਰਾਮ ਤਹਿਤ ਸਵੀਪ ਟੀਮਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ-ਕਮ-ਪੀ.ਡਬਲੀਊ.ਡੀ ਨੋਡਲ ਅਫਸਰ ਵੱਲੋਂ ਲਗਾਤਾਰ ਹਰ ਵਰਗ ਦੇ ਵੋਟਰਾਂ ਜਿਵੇਂ ਕਿ ਸੀਨੀਅਰ ਸਿਟੀਜ਼ਨ, ਔਰਤਾਂ, ਨੌਜਵਾਨਾਂ, ਦਿਵਿਆਂਗਜਨਾਂ ਨੂੰ ਡੋਰ ਟੂ ਡੋਰ ਪਹੁੰਚ ਕਰਕੇ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੋਟਾਂ ਦੀ ਮਹੱਤਤਾ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਰਾਹੀਂ ਜਿਵੇਂ ਕਿ ਫੇਸ ਪੇਟਿੰਗ, ਵੋਟਰ ਜਾਗਰੂਕਤਾ ਰੈਲੀਆਂ, ਮਹਿੰਦੀ ਮੁਕਾਬਲੇ, ਭਾਸ਼ਣ ਮੁਕਾਬਲੇ ਆਦਿ ਰਾਹੀਂ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 01 ਜੂਨ ਨੂੰ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।