ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ਨਾਲ ਜੋੜਦੀ ਗੁਰੂ ਸਾਹਿਬ ਦੁਆਰਾ ਰਚਿਤ ਬਾਣੀ : ਪ੍ਰੋ. ਬਡੂੰਗਰ
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਾਤਸ਼ਾਹੀ ਦੂਸਰੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਸਮਰਪਿਤ ਭਾਵਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਗ ਨਾਲ ਲਗਾਕੇ ਭਾਈ ਲਹਿਣਾ ਤੋਂ ਗੁਰੂ ਅੰਗਦ ਦੇਵ ਬਣਾਇਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ੍ਰੀ ਗ੍ਰੰਥ ਸਾਹਿਬ ਜੀ ’ਚ ਦਰਜ ਆਪ ਜੀ ਦੀ ਬਾਣੀ ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ’ਤੇ ਜ਼ੋਰ ਦਿੰਦੀ ਹੈ, ਜਿਸ ਰਾਹੀਂ ਪ੍ਰਭੂ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ਸਮਝਕੇ ਆਪਣੇ ਜੀਵਨ ਨੂੰ ਸਫਲ ਬਣਾਇਆ ਜਾਵੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।