ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਦਮਸ੍ਰੀ ਐਵਾਰਡੀ ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ ਕਰਾਰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਕਵੀ ਸੁਰਜੀਤ ਪਾਤਰ ਦਾ ਅਚਨਚੇਤ ਸਦੀਵੀ ਵਿਛੋੜਾ ਅਸਹਿ ਅਤੇ ਅਕਹਿ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਨੇ ਜਿਥੇ ਆਪਣੀਆਂ ਲਿਖਤਾਂ ਰਾਹੀਂ ਵਿਲੱਖਣ ਪਹਿਚਾਣ ਸਥਾਪਤ ਕੀਤੀ, ਉਥੇ ਹੀ ਪੰਜਾਬੀ ਮਾਂ ਬੋਲੀ ਦੀ ਝੋਲੀ ਅਨੇਕਾਂ ਹੀ ਪੁਸਤਕਾਂ ਲਿਖਕੇ ਭਾਸ਼ਾ ਦੀ ਪ੍ਰਫੁੱਲਤਾ ਲਈ ਆਪਣਾ ਅਹਿਮ ਯੋਗਦਾਨ ਪਾਇਆ। ਡਾ. ਸੁਰਜੀਤ ਪਾਤਰ ਦੀਆਂ ਰਚਨਾਵਾਂ ਉਨ੍ਹਾਂ ਦੀ ਘਾਟ ਨੂੰ ਕਦੇ ਵੀ ਮਹਿਸੂਸ ਨਹੀਂ ਹੋਣ ਦੇਣਗੀਆਂ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦਾ ਸਦੀਵੀ ਵਿਛੋੜਾ ਜਿਥੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਥੇ ਹੀ ਪੰਜਾਬੀ ਜਗਤ ਅੰਦਰ ਉਨ੍ਹਾਂ ਦੀ ਘਾਟ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਆਪਣੀਆਂ ਰਚਨਾਵਾਂ ਰਾਹੀਂ ਕੀਤੀ ਸੇਵਾ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕੇ। ਪ੍ਰੋ. ਬਡੂੰਗਰ ਨੇ ਡਾ. ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ’ਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੋੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।