ਪਟਿਆਲਾ : ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਗੁਰੂ ਦਰਬਾਰ ਦੇ ਤੜਕ ਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਦੇ 315ਵੇਂ ਸਰਹੰਦ ਫਤਿਹ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਅੱਜ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਜਿਥੇ ਗੁਰੂ ਦਰਬਾਰ ’ਚ ਸੀਸ ਨਿਵਾਇਆ, ਉਥੇ ਹੀ ਹਜੂਰੀ ਰਾਗੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਦੂਰ ਦਰਾਡੇ ਤੋਂ ਪੁੱਜੀ ਸੰਗਤ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਉਪਰੰਤ ਪੰਗਤ ਤੇ ਸੰਗਤ ਦਾ ਆਨੰਦ ਵੀ ਪ੍ਰਾਪਤ ਕੀਤਾ।
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਆਯੋਜਿਤ ਧਾਰਮਕ ਸਮਾਗਮ ਦੌਰਾਨ ਪੁੱਜੇ ਢਾਡੀ ਕਵੀਸ਼ਰੀ ਜਥਿਆਂ ’ਚ ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਸੁਰਿੰਦਰ ਸਿੰਘ ਸਫਰੀ, ਭਾਈ ਰੂਪ ਸਿੰਘ ਅਲਬੇਲਾ, ਭਾਈ ਅਮਰਜੀਤ ਸਿੰਘ ਅੰਬਾਲਾ, ਭਾਈ ਗੁਰਦਿਆਲ ਸਿੰਘ ਸਨੌਰ ਆਦਿ ਨੇ ਸਰਹਿੰਦ ਫਤਹਿ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਅੰਦਰ ਪਾਏ ਗਏ ਅਹਿਮ ਯੋਗਦਾਨ ਬਾਰੇ ਇਤਿਹਾਸ ਵਾਰਾਂ ਸੁਣਾਕੇ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਸਰਹਿੰਦ ਫਤਹਿ ਦਿਵਸ ਦੇ 315ਵੇਂ ਦਿਹਾੜੇ ਦੀ ਸਮੁੱਚੇ ਦੇਸ਼ ਵਾਸੀਆਂ ਅਤੇ ਖ਼ਾਸ ਕਰਕੇ ਖਾਲਸਾ ਪੰਥ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ 12 ਮਈ 1710 ਨੂੰ ਸਰਹਿੰਦ ਫਤਹਿ ਕਰਕੇ ਮੁਗਲ ਰਾਜ ਨੂੰ ਭਾਂਜ ਦਿੱਤੀ ਸੀ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਕੋਲੋਂ ਥਾਪੜਾ ਲੈ ਕੇ ਬਾਬਾ ਬੰਦਾ ਬਹਾਦਰ ਪੰਜਾਬ ਜਿੱਤਣ ਤੁਰਿਆ ਤਾਂ ਮੁਗਲ ਸਲਤਨਤ ਤੱਕ ਦੀਆਂ ਜੜ੍ਹਾਂ ਹਿਲਾ ਕੇ ਸਿੱਖ ਰਾਜ ਦੀ ਸਥਾਪਨਾ ਕੀਤੀ ਸੀ ਅਤੇ ਸਾਹਿਬ ਏ ਕਮਾਲ ਦੇ ਸਹਿਬਜ਼ਾਦਿਆਂ ਦਾ ਬਦਲਾ ਵੀ ਇੱਟ ਨਾ ਇੱਟ ਖੜਕਾ ਲਿਆ ਸੀ ਅੱਜ ਦੇ ਇਸ ਦਿਨ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦੀ ਅਗਵਾਈ ’ਚ ਚੱਪੜਚਿੜੀ ਦੇ ਮਹਾਨ ਅਸਥਾਨ ’ਤੇ ਧਾਰਮਕ ਸਮਾਗਮ ਕਰਵਾਇਆ ਜਾਂਦਾ ਅਤੇ ਵਿਸ਼ਾਲ ਨਗਰ ਕੀਰਤਨ ਸਜਾ ਕੇ ਸਮੁੱਚੀ ਮਾਨਵਤਾ ਤੱਕ ਸਿੱਖ ਇਤਿਹਾਸ ਅੰਦਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਪਾਏ ਯੋਗਦਾਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਣ ਦਾ ਮਹਾਨ ਉਪਰਾਲਾ ਕਰਵਾਇਆ ਜਾਂਦਾ।
ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਪੰਚਮੀ ਦੇ ਦਿਹਾੜੇ ਮੌਕੇ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਯਾਦ ਕਰਕੇ ਸਰਹਿੰਦ ਫਤਹਿ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਰਿਉਂਦ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਮੁੱਚਾ ਸਟਾਫ ਮੈਂਬਰ ਆਦਿ ਸ਼ਾਮਲ ਸਨ। ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੇ ਢਾਡੀ ਕਵੀਸ਼ਰੀਆਂ ਜੱਥਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।