ਫਤਹਿਗੜ੍ਹ ਸਾਹਿਬ : ਪੰਜਾਬ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਹੋਰ ਡਿੱਗਣ ਤੋਂ ਬਚਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਵੱਲੋਂ ਮਹੱਤਵਪੂਰਨ ਉਪਰਾਲੇ ਜਾਰੀ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫਸਰ ਡਾ. ਸੰਦੀਪ ਕੁਮਾਰ ਨੇ ਦੱਸਿਆ ਕਿ ਇਨਾਂ ਉਪਰਾਲਿਆਂ ਨੂੰ ਜਮੀਂਨੀ ਪੱਧਰ ਤੇ ਲਾਗੂ ਕਰਨ ਲਈ ਕਿਸਾਨਾਂ ਨੂੰ ਪੀ.ਏ.ਯੂ, ਲੁਧਿਆਣਾ ਵੱਲੋਂ ਵਿਕਸਿਤ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਜਾਂਦੀ ਹੈ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੂਸਾ-44 ਨਾ ਲਗਾਉਣ ਲਈ ਅਪੀਲ ਕੀਤੀ ਗਈ ਹੈ। ਇਹ ਕਿਸਮ ਜਿੱਥੇ ਪੱਕਣ ਵਿੱਚ ਜਿਆਦਾ ਸਮਾਂ ਲੈਂਦੀ ਹੈ ਉਥੇ ਹੀ ਇਸ ਦੇ ਬੂਟੇ ਦੀ ਪਰਾਲੀ ਜਿਆਦਾ ਹੁੰਦੀ ਹੈ ਜਿਸ ਦੇ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਸਮੱਸਿਆ ਆਉਂਦੀ ਹੈ। ਦੂਸਰਾ ਇਹ ਕਿ ਪੂਸਾ-44 ਕਿਸਮ ਜਿਆਦਾ ਸਮਾਂ ਖੇਤ ਵਿੱਚ ਰਹਿੰਦੀ ਹੈ ਇਸ ਲਈ ਇਸ ਉੱਪਰ ਕੀੜੇ ਮਕੌੜੇ/ਬਿਮਾਰੀ ਦਾ ਹਮਲਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਕਿਸਾਨਾਂ ਨੂੰ ਮਜਬੂਰਨ ਮਹਿੰਗੇ ਪੈਸਟੀਸਾਈਡਜ਼ ਦੀ ਵਰਤੋਂ ਕਰਨੀ ਪੈਂਦੀ ਹੈ ਜੋ ਕਿ ਮਿੱਟੀ,ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਕਰਦੇ ਹਨ। ਇਸ ਦੇ ਮੱਦੇਨਜਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਾਉਣੀ 2024 ਸੀਜਨ ਦੌਰਾਨ ਝੋਨੇ ਦੀ ਕਿਸਮ ਪੂਸਾ 44 ਦੀ ਵਿਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਮੁੱਖ ਖੇਤੀਬਾੜੀ ਅਫਸਰ ਵੱਲੋਂ ਸਮੂਹ ਕਿਸਾਨ ਵੀਰਾਂ ਨੂੰ ਇਸ ਕਿਸਮ ਦੀ ਬਿਜਾਈ ਤੋਂ ਗੁਰੇਜ਼ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿਕਸਿਤ ਕਿਸਮਾਂ ਦੀ ਕਾਸ਼ਤ ਕਰਨ ਬਾਰੇ ਕਿਹਾ ਗਿਆ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਫਾਰਿਸ਼ ਸ਼ੁਦਾ ਕਿਸਮਾਂ ਦੀ ਕੁਆਲਿਟੀ ਚੈਕ ਕਰਨ ਲਈ ਬੀਜ ਡੀਲਰਾਂ ਦੇ ਸੈਂਪਲ ਭਰੇ ਜਾ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਮਿਆਰੀ ਬੀਜ ਉਪਲਬੱਧ ਹੋ ਸਕੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਪਨੀਰੀ ਦੁਆਰਾ ਝੋਨੇ ਦੀ ਬਿਜਾਈ 15 ਜੂਨ ਤੋਂ ਬਾਅਦ ਹੀ ਕੀਤੀ ਜਾਵੇ।