ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੋਟਰਾਂ ਖਾਸਕਰ ਨੌਜਵਾਨ ਵੋਟਰਾਂ ਨੂੰ ਵੋਟ ਪ੍ਰਤੀਸ਼ਤ ਵਧਾਉਣ ਲਈ ਮਤਦਾਨ ਪ੍ਰਤੀ ਜਾਗਰੂਕ ਕਰਨ ਦੇ ਆਪਣੇ ਲਗਾਤਾਰ ਯਤਨਾਂ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ, ਮੋਹਾਲੀ ਦੇ ਅਹਾਤੇ ਵਿੱਚ ਪੇਂਟਿੰਗ ਰਾਹੀਂ ਇੱਕ ਹੋਰ ਵੱਡਾ-ਆਕਾਰੀ ਮਤਦਾਨ ਦਾ ਸੁਨੇਹਾ ਜਾਰੀ ਕੀਤਾ। ਸੇਵਾ ਕੇਂਦਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚ ਪ੍ਰਵੇਸ਼ ਕਰਨ ਵਾਲਿਆਂ ਲਈ ਪੇਂਟਿੰਗ "ਅਸੀਂ 1 ਜੂਨ 2024 ਨੂੰ ਯਕੀਨੀ ਤੌਰ 'ਤੇ ਵੋਟ ਕਰਾਂਗੇ" ਦੇ ਸੰਦੇਸ਼ ਨਾਲ ਦਰਸ਼ਕਾਂ ਦਾ ਧਿਆਨ ਖਿੱਚ ਰਹੇ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਆਪਣੇ ਪੇਂਟਿੰਗ ਬੁਰਸ਼ ਨਾਲ ਖੂਬਸੂਰਤ ਢੰਗ ਨਾਲ ਚਿੱਤਰੇ ਗਏ ਇਸ ਉਪਰਾਲੇ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਮਤਦਾਨ ਵਾਲੇ ਦਿਨ ਉਨ੍ਹਾਂ ਦੇ ਵੋਟ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਤਰ੍ਹਾਂ ਦੀ ਪੇਂਟਿੰਗ ਭਾਰਤੀ ਚੋਣ ਕਮਿਸ਼ਨ ਦੇ ਸੰਦੇਸ਼ ਨੂੰ ਸਿਸਟਮੇਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਗਤੀਵਿਧੀ ਦੇ ਹਿੱਸੇ ਵਜੋਂ ਮੱਤਦਾਨ ਪ੍ਰਤੀ ਉਤਸ਼ਾਹਿਤ ਕਰਨ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੀਆਂ ਕੰਧਾਂ 'ਤੇ ਅਜਿਹੇ ਹੋਰ ਵੀ ਆਕਰਸ਼ਕ ਚਿੱਤਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੀਆਂ ਕੰਧਾਂ 'ਤੇ ਕਲਾਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਦੁਆਰਾ ਬਣਾਈਆਂ ਪੇਂਟਿੰਗਾਂ ਜਿਵੇਂ ਕਿ "ਪੰਜਾਬ-ਆਬ 1 ਜੂਨ, 2024 ਨੂੰ ਵੋਟ ਕਰੇਗਾ" ਅਤੇ “ਲੋਕਤੰਤਰ ਦੀ ਮਾਂ,” ਸਵੀਪ ਗਤੀਵਧੀਆਂ ਦੀਆਂ ਸ਼ਾਨਦਾਰ ਉਦਾਹਰਣਾਂ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸੁਹਿਰਦ ਕੋਸ਼ਿਸ਼ਾਂ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਵੋਟਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਵਿੱਚ ਮਦਦ ਕਰਨਗੀਆਂ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ: ਗੁਰਬਖ਼ਸ਼ੀਸ਼ ਸਿੰਘ ਅੰਟਾਲ, ਤਹਿਸੀਲਦਾਰ ਜ਼ਿਲ੍ਹਾ ਚੋਣ ਦਫ਼ਤਰ ਸੰਜੇ ਕੁਮਾਰ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਪ੍ਰੋ. ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।