ਡੇਂਗੂ ਦਾ ਸੰਚਾਰਿਤ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਦੇਸ਼ ਵਿੱਚ ਡੇਂਗੂ ਦੇ ਕੰਟਰੋਲ , ਬਚਾਅ ਦੇ ਇਲਾਜ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਅਤੇ ਡੇਂਗੂ ਬਾਰੇ ਹੋਰ ਜ਼ਿਆਦਾ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹਰ ਸਾਲ 16 ਮਈ ਨੂੰ ਕੌਮੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ ਤਾਂ ਕਿ ਲੋਕਾਂ ਵਿੱਚ ਡੇਂਗੂ ਪ੍ਰਤੀ ਜਾਗਰੂਕਤਾ ਲਿਆਂਦੀ ਜਾ ਸਕੇ। ਡੇਂਗੂ ਦਾ ਇਲਾਜ ਸਮੇਂ ਸਿਰ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਜਾਣਕਾਰੀ ਦੀ ਘਾਟ ਕਾਰਣ ਹਰ ਸਾਲ ਹਜ਼ਾਰਾਂ ਲੋਕ ਡੇਂਗੂ ਬੁਖਾਰ ਦੀ ਲਪੇਟ ਵਿੱਚ ਆ ਜਾਂਦੇ ਹਨ। ਡੇਂਗੂ ਤੋਂ ਪੀੜਤ ਮਰੀਜ਼ਾਂ ਵਿੱਚੋਂ ਇੱਕ ਤੋਂ ਲੈ ਕੇ ਪੰਜ ਫੀਸਦੀ ਦੀ ਇਲਾਜ ਨਾ ਹੋਣ ਕਰਕੇ ਮੌਤ ਹੋ ਜਾਂਦੀ ਹੈ।
ਡੇਂਗੂ ਇੱਕ ਵਾਇਰਲ ਬੁਖਾਰ ਹੈ ਡੇਂਗੂ ਬੁਖਾਰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸਾਂ ਦੇ ਕਾਰਨ ਹੁੰਦਾ ਹੈ ਅਤੇ ਇਹ ਏਡੀਜ਼ ਏਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ । ਏਡੀਜ਼ ਏਜੀਪਟੀ ਮੱਛਰ ਦਿਨ ਦੇ ਸਮੇਂ ਹੀ ਕੱਟਦਾ ਹੈ। ਪਹਿਲਾਂ ਮੱਛਰ ਦੁਆਰਾ ਡੇਂਗੂ ਸੰਕ੍ਰਮਿਤ ਵਿਅਕਤੀ ਨੂੰ ਕੱਟ ਲਿਆ ਜਾਂਦਾ ਹੈ । ਜਦੋਂ ਸੰਕ੍ਰਮਿਤ ਮੱਛਰ ਕਿਸੇ ਦੂਸਰੇ ਤੰਦਰੁਸਤ ਵਿਅਕਤੀ ਨੂੰ ਕੱਟਦਾ ਹੈ ਤਾਂ ਡੇਂਗੂ ਵਾਇਰਸ ਮੱਛਰ ਦੀ ਲਾਰ ਨਾਲ ਉਸ ਵਿਅਕਤੀ ਦੇ ਸਰੀਰ ਵਿੱਚ ਦਾਖਲ ਹੋ ਜਾਂਦਾ ਹੈ। ਇਹ ਵਾਇਰਸ ਵਿਅਕਤੀ ਦੇ ਵ੍ਹਾਈਟ ਬਲੱਡ ਸੈੱਲਜ਼ ਨਾਲ ਜੁੜ ਕੇ ਅੰਦਰ ਚਲਾ ਜਾਂਦਾ ਹੈ। ਜਦੋਂ ਬਲੱਡ ਸੈੱਲਜ਼ ਸਰੀਰ ਵਿੱਚ ਇਧਰ-ਉਧਰ ਜਾਂਦੇ ਹਨ ਤਾਂ ਵਾਇਰਸ ਆਪਣੇ ‘ਅੰਸ਼’ ਪੈਦਾ ਕਰਦਾ ਹੈ। ਜਿਸ ਕਾਰਨ ਡੇਂਗੂ ਰੋਗ ਹੋ ਜਾਂਦਾ ਹੈ ਅਤੇ ਵਿਅਕਤੀ ਬੁਖਾਰ, ਫਲੂ ਵਰਗੇ ਲੱਛਣਾਂ ਅਤੇ ਗੰਭੀਰ ਦਰਦ ਤੋਂ ਪੀੜਤ ਹੋ ਜਾਂਦਾ ਹੈ।
ਡੇਂਗੂ ਬੁਖਾਰ ਦੇ ਮੁੱਖ ਲੱਛਣ ਤੇਜ ਬੁਖਾਰ, ਸਿਰਦਰਦ, ਚਮੜੀ ’ਤੇ ਚੇਚਕ ਵਰਗੇ ਲਾਲ ਧੱਬੇ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਆਦਿ ਹਨ। ਕੁਝ ਲੋਕਾਂ ਨੂੰ ਡੇਂਗੂ ਬੁਖਾਰ ਇਕ ਜਾਂ ਦੋ ਅਜਿਹੇ ਰੂਪਾਂ ਵਿੱਚ ਹੋ ਸਕਦਾ ਹੈ, ਜੋ ਜਾਨ ਲਈ ਖਤਰਾ ਹੋ ਸਕਦੇ ਹਨ।
ਡੇਂਗੂ ਤੋਂ ਬਚਾਅ ਦਾ ਸਭ ਤੋਂ ਅਸਰਦਾਰ ਤਰੀਕਾ ਮੱਛਰਾਂ ਦੀ ਗਿਣਤੀ ਵਧਣ ਉੱਤੇ ਕਾਬੂ ਪਾਉਣਾ ਹੈ। ਇਸ ਦੇ ਲਈ ਜਾਂ ਤਾਂ ਮੱਛਰਾਂ ਦੇ ਲਾਰਵੇ ਉੱਤੇ ਜਾਂ ਬਾਲਗ ਮੱਛਰਾਂ ਦੀ ਆਬਾਦੀ ਉੱਤੇ ਕੰਟਰੋਲ ਕਰਨਾ ਪੈਂਦਾ ਹੈ । ਏਡੀਜ਼ ਮੱਛਰ ਟਾਇਰਾਂ, ਬੋਤਲਾਂ, ਕੂਲਰਾਂ, ਗੁਲਦਸਤਿਆਂ ਆਦਿ ਵਿੱਚ ਖੜ੍ਹੇ ਪਾਣੀ ਵਿੱਚ ਫੈਲਦੇ ਹਨ, ਇਸ ਲਈ ਇਨ੍ਹਾਂ ਨੂੰ ਅਕਸਰ ਖਾਲੀ ਕਰਦੇ ਰਹਿਣਾ ਚਾਹੀਦਾ ਹੈ ਤਾਂ ਹੀ ਮੱਛਰਾਂ ਦਾ ਲਾਰਵਾ ਕੰਟਰੋਲ ਹੋਵੇਗਾ। ਇਸ ਤੋਂ ਇਲਾਵਾ ਬਾਲਗ ਮੱਛਰਾਂ ਨੂੰ ਕਾਬੂ ਕਰਨ ਲਈ ਕੀੜੇਮਾਰ ਧੂੰਆਂ ਕਿਸੇ ਹੱਦ ਤਕ ਅਸਰਦਾਰ ਸਿੱਧ ਹੋ ਸਕਦਾ ਹੈ।
ਇਸ ਤੋਂ ਇਲਾਵਾ ਡੇਂਗੂ ਦੀ ਰੋਕਥਾਮ ਲਈ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀਆਂ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ । ਸਰੀਰ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਕਪੜੇ ਪਹਿਨਣੇ ਚਾਹੀਦੇ ਹਨ। ਵਿਸ਼ੇਸ਼ ਰੂਪ ਵਿਚ ਜਦੋਂ ਤੁਸੀਂ ਡੇਂਗੂ ਪ੍ਰਭਾਵਿਤ ਖੇਤਰ ਵੱਲ ਜਾਂਦੇ ਹੋ ਤਾਂ ਸਰੀਰ ਦੇ ਹਿੱਸਿਆਂ ਨੂੰ ਢੱਕ ਕੇ ਰੱਖੋ। ਪਾਣੀ ਨੂੰ ਇੱਕ ਜਗਾਹ ਇਕੱਠਾ ਖੜਾ ਨਾ ਹੋਣ ਦੇਵੋ । ਆਮ ਤੌਰ ’ਤੇ ਮੱਛਰਾਂ ਦੇ ਪ੍ਰਜਨਣ ਦਾ ਸਥਾਨ ਪਲਾਸਟਿਕ ਦੇ ਭਾਂਡੇ, ਬਾਲਟੀਆਂ, ਮੋਟਰ-ਗੱਡੀਆਂ ਦੇ ਟਾਇਰ, ਵਾਟਰ ਕੂੱਲਰ, ਪਾਲਤੂ ਜਾਨਵਰਾਂ ਦੇ ਪਾਣੀ ਪੀਣ ਵਾਲੇ ਭਾਂਡੇ ਅਤੇ ਫੁੱਲਦਾਨ ਹਨ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਇਨ੍ਹਾਂ ਨੂੰ ਸਾਫ਼ ਕੀਤਾ ਜਾਵੇ। ਸਿਹਤ ਵਿਭਾਗ ਦੇ ਨਿਰਦੇਸ਼ ਅਨੁਸਾਰ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਣਾ ਚਾਹੀਦਾ ਹੈ।
ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਕੌਮੀ ਡੇਂਗੂ ਦਿਵਸ ਉੱਤੇ ਡੇਂਗੂ ਬੁਖਾਰ ਬਾਰੇ ਜਾਣਕਾਰੀ ਲੈ ਕੇ ਖੁਦ ਜਾਗਰੂਕ ਹੋਣ ਅਤੇ ਇਸ ਬਿਮਾਰੀ ਨਾਲ ਲੜਣ ਲਈ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਕੇ ਡੇਂਗੂ ਬੁਖਾਰ ਦੀ ਰੋਕਥਾਮ ਵਿੱਚ ਪੂਰਨ ਸਹਿਯੋਗ ਕਰਨ। ਤਾਂ ਕਿ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਇਸ ਨਾਮੁਰਾਦ ਬੀਮਾਰੀ ਨਾਲ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਇਆ ਜਾ ਸਕੇ।
ਲੇਖਕ: ਅਮਰਜੀਤ
ਸੀ. ਐੱਚ. ਸੀ. ਮਮਦੋਟ ਜ਼ਿਲ੍ਹਾ ਫਿਰੋਜ਼ਪੁਰ
ਸੰਪਰਕ: 9814310712