ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਰਵਿੰਦ ਖੰਨਾ ਨੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੇ ਵਿਰੋਧ ਨੂੰ ਅਣੳਚਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 22 ਫਸਲਾਂ ਤੇ ਐਮ ਐਸ ਪੀ ਦੇਣ ਦੀ ਗੱਲ ਆਖੀ ਸੀ ਲੇਕਿਨ ਬਾਅਦ ਵਿੱਚ ਸ਼ਰੇਆਮ ਮੁੱਕਰ ਗਿਆ, ਅਜਿਹੇ ਵਿੱਚ ਕਿਸਾਨ ਆਮ ਆਦਮੀ ਪਾਰਟੀ ਦਾ ਵਿਰੋਧ ਕਿਉਂ ਨਹੀਂ ਕਰਦੇ। ਬੁੱਧਵਾਰ ਨੂੰ ਸੁਨਾਮ ਵਿਖੇ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਆਯੋਜਿਤ ਚੋਣ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੀ ਅਗਵਾਈ ਕਰਨ ਜਾ ਰਹੇ ਹਨ ਅਤੇ ਭਾਜਪਾ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਕਿਸਾਨ ਹੋਵੇ, ਨੌਜਵਾਨ ਹੋਵੇ ਜਾਂ ਵਪਾਰੀ, ਦੇਸ਼ ਦੀ ਨਾਰੀ ਸ਼ਕਤੀ ਹੋਵੇ ਜਾਂ ਬਜ਼ੁਰਗ, ਭਾਜਪਾ ਇਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਾਜਪਾ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਸਮੇਤ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ | ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪਰ ਕਿਸਾਨ ਮੰਗਾਂ ਦੀ ਆੜ ਵਿੱਚ ਕੁੱਝ ਜਥੇਬੰਦੀਆਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਜਿਸ ਕਾਰਨ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਬਰਨਾਲਾ ਵਿੱਚ ਵਪਾਰੀਆਂ ਨੇ ਅੱਜ ਪੂਰਾ ਸ਼ਹਿਰ ਬੰਦ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ। ਅਰਵਿੰਦ ਖੰਨਾ ਨੇ ਸਵਾਲ ਕੀਤਾ ਕਿ ਸਰਕਾਰ ਆਉਣ ਤੋਂ ਪਹਿਲਾਂ 'ਆਪ' ਨੇ 22 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਦਾਅਵਾ ਕੀਤਾ ਸੀ ਅਤੇ ਹੁਣ ਕਿਸਾਨ 'ਆਪ' ਦਾ ਘੇਰਾਓ ਕਿਉਂ ਨਹੀਂ ਕਰ ਰਹੇ। ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ 'ਤੇ ਪਹਿਰਾ ਦਿੱਤਾ ਹੈ ਅਤੇ ਭਵਿੱਖ 'ਚ ਵੀ ਕਿਸਾਨਾਂ ਦੇ ਹਿੱਤ 'ਚ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਨੂੰ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਹੈ ਅਤੇ ਲੋਕਾਂ ਨੂੰ ਆਪਣੀ ਮਰਜ਼ੀ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਹੈ। ਅਜਿਹੇ 'ਚ ਜਥੇਬੰਦੀਆਂ ਵੱਲੋਂ ਭਾਜਪਾ ਦਾ ਵਿਰੋਧ ਕਰਨਾ ਗੈਰ-ਸੰਵਿਧਾਨਕ ਹੈ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਬਲਾਕ ਪ੍ਰਧਾਨ ਰਾਜੀਵ ਮੱਖਣ, ਗੁਰਜੰਟ ਸਿੰਘ ਬਖਤੌਰ ਨਗਰ , ਸਤਬੀਰ ਸਿੰਘ ਸਰਪੰਚ, ਯੋਗੇਸ਼ ਗਰਗ, ਬਿੱਟੂ ਅਕਾਲਗੜ੍ਹ, ਸੁੱਖੂ ਬਿਸ਼ਨਪੁਰਾ ਆਦਿ ਹਾਜ਼ਰ ਸਨ।