ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਉਮੀਦਵਾਰ ਰਹੇ ਮੌਜੂਦ
ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਦੀ ਜਾਂਚ 20 ਮਈ, 25 ਮਈ ਤੇ 30 ਮਈ ਨੂੰ
ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਲੋਕ ਸਭਾ ਚੋਣਾਂ 'ਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਬੈਲਟ ਯੂਨਿਟ (ਬੀ ਯੂ), ਕੰਟਰੋਲ ਯੂਨਿਟਸ (ਸੀ ਯੂ) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲਜ਼ (ਵੀ ਵੀ ਪੈਟ) ਮਸ਼ੀਨਾਂ ਦੀ ਦੂਜੇ ਪੜਾਅ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ। ਸਮੁੱਚੀ ਪ੍ਰਕਿਰਿਆ ਨੂੰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਸ਼੍ਰੀ ਰਾਕੇਸ਼ ਸ਼ੰਕਰ, ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਮੀਦਵਾਰਾਂ ਦੀ ਮੌਜੂਦਗੀ ਵਿਚ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋਕ ਸਭਾ ਹਲਕੇ ਅਧੀਨ ਆਉਂਦੇ ਦੇ 09 ਵਿਧਾਨ ਸਭਾ ਹਲਕਿਆਂ ਲਈ 2181 ਬੈਲਟ ਯੂਨਿਟਾਂ ਅਤੇ 2181 ਕੰਟਰੋਲ ਯੂਨਿਟਾਂ ਅਤੇ 2363 ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲਜ਼ ਲਈ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰੈਂਡਮਾਈਜ਼ੇਸ਼ਨ ਦਾ ਉਦੇਸ਼ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣਾ ਹੈ, ਜਿਸ ਵਿਚ ਸਾਫਟਵੇਅਰ ਰਾਹੀਂ ਆਨਲਾਈਨ ਢੰਗ ਨਾਲ ਪੂਰੀ ਪਾਰਦਰਸ਼ਤਾ ਨਾਲ ਤੈਅ ਹੁੰਦਾ ਹੈ ਕਿਸ ਥਾਂ 'ਤੇ ਕਿਹੜੀ ਮਸ਼ੀਨ ਜਾਵੇਗੀ। ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਸੁਚੱਜੇ ਢੰਗ ਨਾਲ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਦੀ ਜਾਂਚ 20 ਮਈ, 25 ਮਈ ਤੇ 30 ਮਈ ਨੂੰ ਕੀਤੀ ਜਾਵੇਗੀ। ਉਨ੍ਹਾਂ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪ ਜਾਂ ਆਪਣਾ ਨੁਮਾਇੰਦਾ ਪੂਰਾ ਰਿਕਾਰਡ ਲੈ ਕੇ ਭੇਜਣ। ਉਨ੍ਹਾਂ ਉਮੀਦਵਾਰਾਂ ਨੂੰ ਕਿਹਾ ਕਿ ਚੋਣ ਪ੍ਰਚਾਰ ਲਈ ਕੀਤੇ ਜਾਣ ਵਾਲੇ ਖਰਚੇ ਦੇ ਅਸਲ ਬਿਲ ਤੇ ਵਾਊਚਰ ਵੀ ਰਿਕਾਰਡ ਵਿੱਚ ਜ਼ਰੂਰੀ ਰੱਖੇ ਜਾਣ।