ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਮਿਤੀ 1 ਜੂਨ 2024 ਨੂੰ ਹੋਣ ਵਾਲੀਆਂ ਵੋਟਾਂ ਬਾਰੇ ਜਾਗਰੂਕਤਾ ਸਬੰਧੀ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ।ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਬਾਲਪੁਰ, ਬੂਥ ਨੰਬਰ 124 ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ ਤੇ ਮਹਿੰਦੀ ਮੁਕਾਬਲੇ, ਪੋਸਟਰ ਮੁਕਾਬਲੇ ਕੀਤੇ ਗਏ। ਸਵੀਪ ਟੀਮ ਦੁਆਰਾ ਇਹਨਾਂ ਸਕੂਲੀ ਵਿਦਿਆਰਥੀਆਂ ਨੂੰ ਵੋਟਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ ਤਾਂ ਜੋ ਸਕੂਲੀ ਬੱਚਿਆਂ ਨੂੰ ਵੋਟਾਂ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੜੀ, ਤਹਿਸੀਲ ਖਮਾਣੋਂ ਸਵੀਪ ਟੀਮ ਵੱਲੋਂ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸਰਕਾਰੀ ਮਿਡਲ ਸਮਾਰਟ ਸਕੂਲ ਭਾਂਬਰੀਆਂ ਦੇ ਵਿਦਿਆਰਥੀਆਂ ਵੱਲੋਂ ਵੀ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਵਿਧਾਨ ਸਭਾ ਹਲਕਾ ਅਮਲੋਹ -56 ਵਿਖੇ ਸਵੀਪ ਨੋਡਲ ਅਫਸਰ ਸ਼੍ਰੀ ਅੱਛਰਪਾਲ ਸ਼ਰਮਾ ਵੱਲੋਂ ਬੀ. ਐਲ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਹਨਾ ਨੂੰ ਵੋਟ ਦੀ ਪ੍ਰਤੀਸ਼ਤਤਾ ਵਧਾਉਣ ਲਈ ਉਪਰਾਲੇ ਕਰਨ ਲਈ ਕਿਹਾ ਗਿਆ। ਸਵੀਪ ਨੋਡਲ ਅਫਸਰਾਂ ਅਤੇ ਬਲਾਕ ਵਿਕਾਸ ਪ੍ਰੋਜੈਕਟ ਅਫਸਰ-ਕਮ-ਪੀ.ਡਬਲਿਊ. ਡੀ ਨੋਡਲ ਅਫਸਰਾਂ ਦੁਆਰਾ ਲਗਾਤਾਰ ਹਰ ਪਿੰਡ/ਸ਼ਹਿਰ, ਡੋਰ ਟੂ ਡੋਰ ਜਾ ਕੇ ਸਵੀਪ ਗਤੀਵਿਧੀਆਂ ਰਾਹੀਂ ਨੌਜਵਾਨਾਂ, ਬਜ਼ੁਰਗਾਂ, ਔਰਤਾਂ, ਦਿਵਿਆਂਗਜਨਾਂ ਆਦਿ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਦੀਆਂ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਕੋਈ ਵੀ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ।