ਸੁਨਾਮ : ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਪਿੰਡ ਬਖ਼ਸ਼ੀਵਾਲਾ ਵਿਖੇ ਹੋਏ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਕਾਣੀ ਵੰਡ ਦੇ ਰੋਸ ਵਜੋਂ ਸੋਮਵਾਰ ਨੂੰ ਪੀੜਤ ਕਿਸਾਨਾਂ ਨੇ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਜੇ ਤੱਕ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਨਹੀਂ ਮਿਲਿਆ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਜਿਲ੍ਹਾ ਆਗੂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਅਤੇ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜਿਲ੍ਹਾ ਆਗੂ ਕਾਮਰੇਡ ਵਰਿੰਦਰ ਕੌਸ਼ਿਕ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ, ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਹੋਈ ਗੜ੍ਹੇਮਾਰੀ ਕਾਰਨ ਪਿੰਡ ਬਖਸ਼ੀਵਾਲਾ ਵਿਖੇ ਕਰੀਬ ਅੱਠ ਸੌ ਏਕੜ ਰਕਬੇ 'ਚ ਕਣਕ ਦੀ ਫਸਲ ਬਰਬਾਦ ਹੋ ਗਈ ਸੀ, ਲੇਕਿਨ ਪੰਜਾਬ ਸਰਕਾਰ ਵੱਲੋਂ ਪੀੜਤ ਕਿਸਾਨਾਂ ਨੂੰ ਮੁਆਵਜਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੀ ਰਿਪੋਰਟ ਵਿੱਚ ਮੁਆਵਜ਼ਾ ਦਰਜ਼ ਕੀਤੇ ਜਾਣ ਸਮੇਂ ਕਥਿਤ ਤੌਰ ਤੇ ਕਾਣੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਪੈਸ਼ਲ ਗਿਰਦਾਵਰੀ ਦੇ ਨਾਲ ਹੀ ਖੇਤੀਬਾੜੀ ਵਿਭਾਗ ਵਲੋਂ ਵੀ ਆਪਣੀ ਰਿਪੋਰਟ ਸਰਕਾਰ ਨੂੰ ਭੇਜੀ ਗਈ ਸੀ ਪਰ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਉਸ ਦੀ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜੇ ਵਜੋਂ ਇਕ ਧੇਲਾ ਵੀ ਨਹੀ ਮਿਲਿਆ।ਉਨਾਂ ਕਿਹਾ ਕਿ ਮੁਆਵਜੇ ਲੈਣ ਲਈ ਪੀੜਤ ਕਿਸਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉੱਚ ਅਧਿਕਾਰੀਆਂ ਨੂੰ ਵੀ ਕਈ ਵਾਰ ਮਿਲ ਚੁੱਕੇ ਹਨ ਪਰ ਅਜੇ ਤੱਕ ਉਨਾਂ ਦੀ ਸੁਣਵਾਈ ਨਹੀ ਹੋਈ। ਉਨਾਂ ਪੰਜਾਬ ਸਰਕਾਰ ਤੋਂ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਤੁਰੰਤ ਬਣਦਾ ਮੁਆਵਜਾ ਦੇਣ ਦੀ ਮੰਗ ਕੀਤੀ।ਇਸ ਮੌਕੇ ਜਗਦੀਪ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ, ਲੱਖੀ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਪ੍ਰੇਮ ਸਿੰਘ, ਧੰਨਾ ਸਿੰਘ, ਕਾਲਾ ਸਿੰਘ ਅਤੇ ਭੋਲਾ ਸਿੰਘ ਆਦਿ ਮੌਜੂਦ ਸਨ।