ਅਮਲੋਹ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਿਖੇ ਪੋਲਿੰਗ ਸਟਾਫ਼ ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ , ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਪੋਲਿੰਗ ਅਫ਼ਸਰ ਸ਼ਾਮਲ ਸਨ, ਦੀ ਟ੍ਰੇਨਿੰਗ ਕਰਵਾਈ ਗਈ। ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਸੁਚੱਜੇ ਢੰਗ ਨਾਲ ਕਰਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹੀ ਪੋਲਿੰਗ ਸਟਾਫ਼ ਦੀ 02 ਸ਼ਿਫਟਾਂ ਵਿੱਚ ਟ੍ਰੇਨਿੰਗ ਕਰਵਾਈ ਗਈ ਹੈ।
ਇਸ ਟ੍ਰੇਨਿੰਗ ਵਿੱਚ ਪੋਲਿੰਗ ਸਟਾਫ਼ ਦੇ 804 ਮੈਂਬਰ ਸ਼ਾਮਲ ਹੋਏ। ਟ੍ਰੇਨਿੰਗ ਹਾਸਲ ਕਰਨ ਵਾਲ਼ਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜਿਆ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਏ। ਚੋਣਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪੋਲਿੰਗ ਸਟਾਫ਼ ਦੀ ਬਹੁਤ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਤੇ ਪੋਲਿੰਗ ਸਟਾਫ਼ ਨੂੰ ਮਾਸਟਰ ਟਰੇਨਰਜ਼ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਟ੍ਰੇਨਿੰਗ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਚੋਣ ਅਮਲੇ ਦੇ ਕਿਸੇ ਵੀ ਮੈਂਬਰ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ ਡੀ ਐਮ ਦੇ ਧਿਆਨ ਵਿੱਚ ਲੈਕੇ ਆਉਣ।
ਸ਼੍ਰੀਮਤੀ ਸ਼ੇਰਗਿੱਲ ਨੇ ਨਾਗਰਿਕਾਂ ਲਈ ਵੋਟਿੰਗ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਦੀ ਪਹਿਲਕਦਮੀ ਤਹਿਤ ਬਣਾਏ ਜਾ ਰਹੇ ਮਾਡਲ ਵੋਟਿੰਗ ਬੂਥਾਂ ਦੇ ਨਾਲ ਨਾਲ ਪਿੰਕ ਬੂਥਾਂ ਬਾਰੇ ਵੀ ਦੱਸਿਆ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕਾਂ ਦੀ ਵੋਟ ਪਾਉਣ ਦੇ ਹੱਕ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ ਡੀ ਐਮ ਅਮਲੋਹ ਕਰਨਦੀਪ ਸਿੰਘ, ਤਹਿਸੀਲਦਾਰ ਜਿਨਸੂ ਬਾਂਸਲ ਸਮੇਤ ਵੱਖੋ ਵੱਖ ਅਧਿਕਾਰੀ ਹਾਜ਼ਰ ਸਨ।