ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਇਸ ਵਾਰ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕਰਨ ਵਾਸਤੇ ਵੀ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ ਤਾਂ ਜੋ ਹਰੇਕ ਵਰਗ ਦੇ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕ ਸਭਾ ਚੋਣਾਂ ਵਿੱਚ ਪੋਲਿੰਗ ਦਰ ਵਿੱਚ ਵਾਧਾ ਕੀਤਾ ਜਾ ਸਕੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਲੋਕ ਸਭਾ ਹਲਕੇ ਅੰਦਰ ਕੁੱਲ 1820 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇੱਕ ਨਵਾਂ ਪੋਲਿੰਗ ਬੂਥ ਸਾਹਨੇਵਾਲ ਵਿਖੇ ਵੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਦੇ ਕੁੱਲ 15 ਲੱਖ 52 ਹਜ਼ਾਰ 567 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿੱਚ 08 ਲੱਖ 23 ਹਜ਼ਾਰ 339 ਮਰਦ ਵੋਟਰ, 07 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ ਤੀਜੇ ਲਿੰਗ ਦੇ 32 ਵੋਟਰ ਸ਼ਾਮਲ ਹਨ। ਉਨ੍ਹਾਂ ਹੋਰ ਦੱਸਿਆ ਕਿ ਹਲਕੇ ਅੰਦਰ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਵਾਉਣ ਦੇ ਮੰਤਵ ਨਾਲ ਹਲਕੇ ਦੇ 80 ਪੋਲਿੰਗ ਬੂਥਾਂ ਤੇ ਮਾਈਕਰੋ ਅਬਜ਼ਰਬਰ ਨਿਯੁਕਤ ਕੀਤੇ ਜਾਣਗੇ। ਇਸ ਤੋਂ ਇਲਾਵਾ ਮਹਿਲਾ ਵੋਟਰਾਂ ਦੀ ਸਹੂਲਤ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਤਿੰਨ ਪਿੰਕ ਪੋਲਿੰਗ ਬੂਥ ਵੀ ਬਣਾਏ ਜਾਣਗੇ ਜਿਥੇ ਕਿ 100 ਫੀਸਦੀ ਚੋਣ ਅਧਿਕਾਰੀ ਤੇ ਕਰਮਚਾਰੀ ਮਹਿਲਾਵਾਂ ਹੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਾਲ ਵੀ ਗੱਲਬਾਤ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਪੋਲਿੰਗ ਬੂਥਾਂ ਤੇ ਸੁਰੱਖਿਆ ਲਈ ਮਹਿਲਾ ਪੁਲਿਸ ਅਧਿਕਾਰੀ ਤੇ ਕਰਮਚਾਰੀ ਹੀ ਤਾਇਨਾਤ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸੰਘੋਲ, ਚੋਹਲਟੀ ਖੇੜੀ ਦੇ ਨਾਲ ਅਤੇ ਅਮਲੋਹ ਦੇ ਐਸ.ਡੀ.ਐਮ. ਦਫ਼ਤਰ, ਜੋ ਕਿ ਪੁਰਾਤਨ ਕਿਲ੍ਹਾ ਵਿਖੇ ਸਥਿਤ ਹੈ, ਵਿਖੇ ਯੂਨੀਕ ਪੋਲਿੰਗ ਬੂਥ ਵੀ ਬਣਾਏ ਜਾਣਗੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਹਲਕੇ ਦੇ ਸਾਰੇ ਪੋਲਿੰਗ ਬੂਥਾਂ ਤ 100 ਫੀਸਦੀ ਵੈਬ ਕਾਸਟਿੰਗ ਵੀ ਕਰਵਾਈ ਜਾਵੇਗੀ ਜਿਸ ਦਾ ਸਿੱਧਾ ਪ੍ਰਸਾਰਣ ਮੁੱਖ ਚੋਣ ਅਫਸਰ ਪੰਜਾਬ, ਜ਼ਿਲ੍ਹਾ ਚੋਣ ਅਫਸਰ ਦੇ ਦਫ਼ਤਰ ਵਿਖੇ ਹੋਵੇਗਾ। ਜੇਕਰ ਸੰਭਵ ਹੋਇਆ ਤਾਂ ਸਿੱਧਾ ਪ੍ਰਸਾਰਣ ਮੁੱਖ ਚੋਣ ਕਮਿਸ਼ਨ ਦਿੱਲੀ ਦੇ ਦਫ਼ਤਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਚੋਣਾ ਸਬੰਧੀ ਚੋਣ ਕਮਿਸ਼ਨ ਵੱਲੋਂ ਸੀ ਵਿਜਿਲ ਮੋਬਾਇਲ ਐਪ ਵੀ ਜਾਰੀ ਕੀਤੀ ਗਈ ਹੈ ਜਿਥੇ ਕਿ ਚੋਣਾ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਸਾਡਾ ਸੰਵਿਧਾਨਕ ਹੱਕ ਹੈ ਅਤੇ ਇਸ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਨੇ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।