ਫ਼ਤਹਿਗੜ੍ਹ ਸਾਹਿਬ : ਆਉਣ ਵਾਲੀ 01 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਨ੍ਹਾਂ ਚੋਣਾ ਦੌਰਾਨ ਵੋਟਰਾਂ ਦੀ ਸੁਰੱਖਿਆ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਨਾਲ ਕੱਢੇ ਗਏ ਫਲੈਗ ਮਾਰਚ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਕਰਨਾ ਚਾਹੀਦਾ ਹੈ ਅਤੇ ਵੋਟਰਾਂ ਦੇ ਸੰਵਿਧਾਨਕ ਹੱਕ ਦੀ ਕਿਸੇ ਨੂੰ ਵੀ ਦੁਰਵਰਤੋਂ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾ ਦੌਰਾਨ ਵੋਟਰਾਂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ, ਗੁਜਰਾਤ ਪੁਲਿਸ ਤੇ ਆਈ.ਟੀ.ਬੀ.ਪੀ. ਦੀਆਂ ਟੁਕੜੀਆਂ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਅੰਦਰ ਸੁਰੱਖਿਅਤ ਮਾਹੌਲ ਦੀ ਭਾਵਨਾਂ ਪੈਦਾ ਕੀਤੀ ਜਾ ਸਕੇ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਸੇ ਵੀ ਕਿਸਮ ਦੀ ਕੋਈ ਡਰ ਜਾਂ ਦਬਾਅ ਮਹਿਸੂਸ ਹੁੰਦਾ ਹੈ ਤਾਂ ਉਹ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ ਅਤੇ ਵੋਟਰਾਂ ਤੇ ਕਿਸੇ ਕਿਸਮ ਦਾ ਦਬਾਅ ਪਾਉਣ ਜਾਂ ਕਿਸੇ ਕਿਸਮ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫਲੈਗ ਮਾਰਚ ਦਾ ਮੰਤਵ ਇਹ ਹੈ ਕਿ ਵੋਟਰ ਬਿਨਾਂ ਕਿਸੇ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਫਰੀ ਐਂਡ ਫੇਅਰ ਚੋਣਾ ਕਰਵਾਉਣ ਲਈ ਵਚਨਬੱਧ ਹੈ। ਡਿਊਟੀ ਤੇ ਤਾਇਨਾਤ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਦੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅੰਦਰ ਹਮੇਸ਼ਾਂ ਅਮਨ ਸ਼ਾਂਤੀ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਪ੍ਰਕ੍ਰਿਆ ਨੇਪਰੇ ਚੜ੍ਹਦੀ ਰਹੀ ਹੈ ਇਸ ਲਈ ਤੁਸੀਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਅਦਾ ਕਰੋ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸ਼ਨ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗਾ। ਫਲੈਗ ਮਾਰਚ ਉਪਰੰਤ ਜ਼ਿਲ੍ਹਾ ਚੋਣ ਅਫਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਅੱਜ ਦੇ ਫਲੈਗ ਮਾਰਚ ਦਾ ਮੁੱਖ ਮੰਤਵ ਇਹ ਹੈ ਕਿ ਵੋਟਰ ਇਹ ਸਮਝ ਲੈਣ ਕਿ ਜ਼ਿਲ੍ਹੇ ਦਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਫਰੀ ਤੇ ਫੇਅਰ ਚੋਣਾ ਕਰਵਾਉਣ ਲਈ ਵਚਨਬੱਧ ਹੈ ਅਤੇ ਵੋਟਰਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਅਜੇ ਦੋ ਟੁਕੜੀਆਂ ਸੁਰੱਖਿਆ ਬਲਾਂ ਦੀਆਂ ਪਹੁੰਚੀਆਂ ਹਨ ਅਤੇ ਛੇਤੀ ਹੀ ਇੱਕ ਹੋਰ ਕੰਪਨੀ ਵੀ ਆਵੇਗੀ ਤਾਂ ਜੋ ਵੋਟਰ ਸੁਰੱਖਿਅਤ ਮਾਹੌਲ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਪੈਸ਼ਲ ਨਾਕੇ ਲਗਾਏ ਜਾ ਰਹੇ ਹਨ ਅਤੇ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਚੋਣ ਪ੍ਰਕ੍ਰਿਆ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹ ਸਕਣ। ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਤੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਤਲਾਣੀਆਂ ਵਿਖੇ ਪਹੁੰਚਿਆ ਅਤੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਚੋਣਾ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਹੈ। ਇਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ।