ਫ਼ਤਹਿਗੜ੍ਹ ਸਾਹਿਬ : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੀਆਂ ਟੀਮਾਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਵੀ ਕਿਸਾਨਾਂ ਨੂੰ ਦੇ ਰਹੀਆਂ ਹਨ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਕੁਮਾਰ ਨੇ ਪਿੰਡ ਮਹੇਸ਼ਪੁਰਾ ਦੇ ਕਿਸਾਨ ਹਰਿੰਦਰ ਸਿੰਘ ਦੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਹੀ ਇਸ ਨਾਲ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਖੇਤ ਵਿੱਚ ਕੀਤੀ ਜਾਵੇ ਅਤੇ ਬੀਜਣ ਤੋਂ ਪਹਿਲਾਂ ਬੀਜ ਨੂੰ 8 ਤੋਂ 12 ਘੰਟਿਆਂ ਲਈ ਪਾਣੀ ਵਿੱਚ ਭਿਊਂ ਕੇ ਛਾਂ ਵਿੱਚ ਸੁਕਾ ਕੇ 03 ਗ੍ਰਾਮ ਪ੍ਰਤੀ ਕਿਲੋ ਸਪਰਿੰਟ ਦਵਾਈ ਨਾਲ ਸੋਧ ਕਰਕੇ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਿਸਮ ਪੀ.ਆਰ. 126 ਇਸ ਵਿਧੀ ਲਈ ਢੁਕਵੀਂ ਹੈ। ਬੀਜਣ ਤੋਂ ਤੁਰੰਤ ਬਾਅਦ ਪੈਂਡੀਮੈਥਾਲਿਨ 01 ਲੀਟਰ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਮ ਵੇਲੇ ਕੀਤੀ ਗਈ ਸਪਰੇਅ ਜਿਆਦਾ ਅਸਰਦਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਇੱਕੋ ਮੰਤਵ ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਕਾਇਮ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ। ਡਾ: ਸੰਦੀਪ ਕੁਮਾਰ ਨੇ ਝੋਨੇ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਬੇਲੋੜੇ ਕੀਟਨਾਸ਼ਕ/ਨਦੀਨ ਨਾਸ਼ਕ ਸਪਰੇਅ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਅਤੇ ਫਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਉਪ ਨਰੀਖਕ ਪ੍ਰਿਤਪਾਲ ਸਿੰਘ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ।