ਸੁਨਾਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਸਮੇਂ ਵਿਰੋਧ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਮਰਕਸ ਲਈ ਹੈ। ਬੁੱਧਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਜਥੇਬੰਦੀ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ, ਮੀਟਿੰਗ ਨੂੰ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ, ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਤੋਂ ਮੁਨਕਰ ਹੋਈ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਪੰਜਾਬ ਵਿੱਚ ਆਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਲਾਏ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਦਕਿ ਸਾਢੇ ਸੱਤ ਸੌ ਕਿਸਾਨ ਮੌਤ ਦੇ ਮੂੰਹ ਜਾ ਪਿਆ ਸੀ। ਕਿਸਾਨ ਆਗੂ ਨੇ ਕਿਹਾ ਕਿ ਜਥੇਬੰਦੀ ਦੇ ਝੰਡੇ ਹੇਠ ਹਜ਼ਾਰਾਂ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਮਈ ਨੂੰ ਪਟਿਆਲਾ ਫੇਰੀ ਮੌਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਫਿਰ ਭਾਜਪਾ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਰੋਕਕੇ ਦਿੱਲੀ ਜਾਣ ਤੋਂ ਰੋਕਿਆ ਇਸੇ ਕਾਰਨ ਕਿਸਾਨ ਜਥੇਬੰਦੀਆਂ ਮੋਦੀ ਦਾ ਪੰਜਾਬ ਆਉਣ ਸਮੇਂ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 26 ਮਈ ਨੂੰ ਬਰਨਾਲਾ ਦੀ ਅਨਾਜ ਮੰਡੀ ਵਿੱਚ ਲੋਕ ਸੰਗਰਾਮ ਰੈਲੀ ਕੀਤੀ ਜਾਵੇਗੀ, ਇਸ ਮੌਕੇ ਸਨਾਮ ਬਲਾਕ ਦੇ ਆਗੂ ਰਾਮ ਸਰਨ ਸਿੰਘ ਉਗਰਾਹਾਂ, ਪ੍ਰੈੱਸ ਸਕੱਤਰ ਸੁਖਪਾਲ ਮਾਣਕ ਕਣਕਵਾਲ, ਅਜੈਬ ਸਿੰਘ ਜਖੇਪਲ,ਪਾਲ ਸਿੰਘ ਦੌਲਾ ਸਿੰਘ ਵਾਲਾ, ਮਨੀ ਸਿੰਘ ਭੈਣੀ ਆਦਿ ਹਾਜ਼ਰ ਸਨ।