ਪਟਿਆਲਾ : ਝੋਨੇ ਦੀ ਸਿੱਧੀ ਬਿਜਾਈ ਦੀ ਮੁਹਿੰਮ ਅਧੀਨ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਬਲਾਕ ਭੂਨਰਹੇੜੀ ਦੇ ਪਿੰਡ ਭਾਨਰੀ ਦੇ ਕਿਸਾਨ ਨਰਿੰਦਰ ਸਿੰਘ ਦੇ 20 ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਆਗਾਜ਼ ਕਰਵਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਅਨੁਸਾਰ ਇਸ ਪਿੰਡ ਵਿਚ ਕਾਫ਼ੀ ਜ਼ਿਆਦਾ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਆਉਣ ਦੀ ਉਮੀਦ ਹੈ ਅਤੇ ਹੁਣ ਤੱਕ ਅੰਦਾਜ਼ਨ 100 ਏਕੜ ਰਕਬਾ ਬੀਜਿਆ ਜਾ ਚੁੱਕਿਆ ਹੈ। ਇਸ ਮੌਕੇ ਪਿੰਡ ਭਾਨਰੀ ਦੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਜਸਵਿੰਦਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਡਿੱਗਦੇ ਹੋਏ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ, ਉੱਥੇ ਕਿਸਾਨਾਂ ਦੇ ਮੁਨਾਫ਼ੇ ਵਿਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਮੌਜੂਦ ਕਿਸਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ। ਇਸ ਮੌਕੇ ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।