ਸੁਨਾਮ : ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕਾਂ ਦੇ ਹੱਕ ਮਾਰਨ ਵਾਲੀਆਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਬਟੋਰਨ ਲਈ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਜਪਾ ਲੋਕਾਂ ਨੂੰ ਝੂਠ ਪਰੋਸ ਰਹੀਆਂ ਹਨ। ਵੀਰਵਾਰ ਨੂੰ ਸਿਮਰਨਜੀਤ ਸਿੰਘ ਮਾਨ ਨੇ ਛਾਜਲੀ, ਮਹਿਲਾਂ ਚੌਂਕ ਅਤੇ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੇ ਹੱਕਾਂ ਮਾਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਹੁਣ ਸਬਕ ਸਿਖਾਉਣ ਦਾ ਸਹੀ ਸਮਾਂ ਹੈ | ਧਰਨੇ ਲਗਾਕੇ ਹੱਕ ਮੰਗਦੇ ਲੋਕਾਂ ਉੱਪਰ ਜੋ ਸਰਕਾਰਾਂ ਵੱਲੋਂ ਜੁਲਮ ਕੀਤੇ ਗਏ ਹਨ, ਉਨ੍ਹਾਂ ਨੂੰ ਯਾਦ ਰੱਖਿਆ ਜਾਵੇ ਅਤੇ ਆਪਣੀ ਵੋਟ ਰੂਪ ਤਾਕਤ ਨਾਲ ਸਬਕ ਸਿਖਾਇਆ ਜਾਵੇ ਅਤੇ ਲੋਕ ਹੱਕਾਂ ਦੀ ਰਾਖੀ ਤੇ ਸੂਬੇ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿੱਤਾ ਜਾਵੇ | ਸ. ਮਾਨ ਨੇ ਕਿਹਾ ਕਿ ਹੁਣ ਵੋਟਾਂ ਲੈਣ ਲਈ ਕਾਂਗਰਸ, ਭਾਜਪਾ, ਆਪ ਸਮੇਤ ਲਗਭਗ ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ | ਇਨ੍ਹਾਂ ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ਉੱਪਰ ਯਕੀਨ ਨਾ ਕਰਿਆ ਜਾਵੇ, ਕਿਉਂਕਿ ਇਨ੍ਹਾਂ ਪਾਰਟੀਆਂ ਵੱਲੋਂ ਜੋ ਪਹਿਲਾਂ ਵਾਅਦੇ ਕੀਤੇ ਗਏ ਸਨ, ਉਹ ਵੀ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ | ਕਾਂਗਰਸ ਤੇ ਭਾਜਪਾ ਵੱਲੋਂ ਹਰ ਵਾਰ ਵੋਟਾਂ ਵੇਲੇ ਘਰ-ਘਰ ਨੌਕਰੀ, ਵਧੀਆ ਸਿਹਤ ਤੇ ਸਿੱਖਿਆ ਸਹੂਲਤਾਂ, ਹਰੇਕ ਗਰੀਬ ਪਰਿਵਾਰ ਨੂੰ ਰੋਟੀ, ਕੱਪੜਾ ਅਤੇ ਮਕਾਨ, ਬੇਰੁਜਗਾਰਾਂ ਨੂੰ ਰੁਜਗਾਰ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਰੁਕੇ ਹੋਏ ਡੀ.ਏ. ਦੀ ਅਦਾਇਗੀ, ਕਿਸਾਨਾਂ ਨੂੰ ਫ਼ਸਲਾਂ ਉੱਪਰ ਐਮ.ਐਸ.ਪੀ. ਦੇਣ ਸਮੇਤ ਅਨੇਕਾਂ ਵਾਅਦੇ ਕੀਤੇ ਜਾਂਦੇ ਹਨ ਪਰ ਚੋਣਾਂ ਤੋਂ ਬਾਅਦ ਵਾਅਦੇ ਭੁਲਾ ਦਿੱਤੇ ਜਾਂਦੇ ਹਨ ਅਤੇ ਹੱਕ ਮੰਗਦੇ ਲੋਕਾਂ ਉੱਪਰ ਜੁਲਮ ਕਰਨ ਸ਼ੁਰੂ ਕਰ ਦਿੱਤੇ ਜਾਂਦੇ ਹਨ | ਭਾਜਪਾ ਅਤੇ ਕਾਂਗਰਸ ਦੀ ਤਰ੍ਹਾਂ ਸੂਬੇ ਦੀ ਸੱਤਾ 'ਤੇ ਕਾਬਜ ਆਮ ਆਦਮੀ ਪਾਰਟੀ ਵੀ ਲੋਕਾਂ ਨਾਲ ਝੂਠੇ ਵਾਅਦੇ, ਗੁੰਮਰਾਹਕੁੰਨ ਪ੍ਰਚਾਰ ਕਰਕੇ ਵੋਟਾਂ ਹਾਸਲ ਕਰਨ ਵਾਲੀ ਸਿਆਸਤ ਕਰ ਰਹੀ ਹੈ | ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਦੀ ਬਜਾਏ ਲੋਕਾਂ ਦੇ ਹੱਕ ਖੋਹੇ ਜਾ ਰਹੇ ਹਨ | ਵੋਟਾਂ ਤੋਂ ਪਹਿਲਾਂ ਧਰਨਿਆਂ ਵਿੱਚ ਸ਼ਮੂਲੀਅਤ ਕਰਕੇ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਦੇਣ ਵਾਲੇ ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਹੁਣ ਧਰਨਾਕਾਰੀਆਂ ਉੱਪਰ ਹੀ ਲਾਠੀਚਾਰਜ ਕਰਵਾਏ ਜਾ ਰਹੇ ਹਨ | ਸ. ਮਾਨ ਨੇ ਆਪਣੇ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਰਿਕਾਰਡ ਕੰਮਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਣ ਉਪਰੰਤ ਕਿਹਾ ਕਿ ਸਮੇਂ ਅਤੇ ਪੈਸੇ ਦੀ ਘਾਟ ਕਰਕੇ ਜੋ ਕੰਮ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ।