ਫਤਿਹਗੜ੍ਹ ਸਾਹਿਬ : ਸਕੂਲਾਂ, ਘਰਾਂ ਅਤੇ ਸਮਾਜ ਵਿੱਚ ਅਜਿਹਾ ਸੁਰੱਖਿਅਤ ਤੇ ਸੰਵੇਦਨਸ਼ੀਲ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਲੜਕੇ ਅਤੇ ਲੜਕੀਆਂ ਦਾ ਸੰਤੁਲਿਤ ਵਿਕਾਸ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਅੱਜ ਇੱਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਵਾਸਤੇ ਤਿੰਨ ਸਕੂਲਾਂ, ਮਾਤਾ ਗੁਜਰੀ ਸਕੂਲ ਆਫ ਐਮੀਨੇਂਸ, ਸਰਕਾਰੀ ਹਾਈ ਸਕੂਲ ਬੁੱਗਾ ਕਲਾਂ, ਸਰਕਾਰੀ ਹਾਈ ਸਕੂਲ ਰੈਲੋਂ ਦੇ ਵਿਦਿਆਰਥੀਆਂ ਨਾਲ ਆਨਲਾਈਨ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਸ਼੍ਰੀ ਵਿਵੇਕ ਸ਼ਰਮਾ ਨੇ ਪੋਕਸੋ ਐਕਟ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਐਕਟ ਅਧੀਨ 18 ਸਾਲ ਤੋਂ ਘੱਟ ਉਮਰ ਦੇ ਲੜਕੇ ਤੇ ਲੜਕੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਸਰੀਰਕ ਸ਼ੋਸ਼ਣ ਤੋਂ ਸੁਰੱਖਿਅਤ ਕਰਨ ਲਈ ਅਪਰਾਧ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖਤ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਸੁਚੇਤ ਕੀਤਾ ਕਿ ਇਸ ਸੰਵੇਦਨਸ਼ੀਲ ਵਿਸ਼ੇ ਸਬੰਧੀ ਵਿਦਿਆਰਥੀਆਂ ਨਾਲ ਖੁੱਲ ਕੇ ਵਿਚਾਰ ਚਰਚਾ ਕਰਨੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਚੰਗੇ ਤੇ ਮਾੜੇ ਵਤੀਰੇ ਦੀ ਪਹਿਚਾਣ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸਪੈਸ਼ਲ ਵਿਦਿਆਰਥੀਆਂ ਲਈ ਵੀ ਇਸ ਐਕਟ ਵਿੱਚ ਵਿਸ਼ੇਸ਼ ਤੌਰ ਤੇ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਕਿਸੇ ਵੀ ਜਗ੍ਹਾ ਤੇ ਗਲਤ ਵਿਵਹਾਰ ਦਾ ਸਾਹਮਣਾ ਕਰਨਾ ਪਵੇ ਤਾਂ ਉਹ ਤੁਰੰਤ ਆਪਣੇ ਮਾਪਿਆਂ ਜਾਂ ਅਧਿਆਪਕਾਂ ਨੂੰ ਬਿਨ੍ਹਾ ਝਿਜਕ ਜਾਣੂ ਕਰਵਾਉਣ ਤਾਂ ਜੋ ਗਲਤ ਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਪੁਲਿਸ ਰਾਹੀਂ ਸਖਤ ਕਾਰਵਾਈ ਕੀਤੀ ਜਾ ਸਕੇ।