ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਚੋਣ ਕਮਿਸ਼ਨ ਵੱਲੋਂ ਪੋਸਟਲ ਬੈਲਟ ਪੇਪਰ ਰਾਹੀਂ ਵੋਟਾਂ ਪਾਉਣ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ, ਇਹ ਸਹੂਲਤ ਜਰੂਰੀ ਸੇਵਾਵਾਂ ਵਿੱਚ ਲੱਗੇ ਉਨ੍ਹਾਂ ਵੋਟਰਾਂ ਜੋ ਕਿ ਆਪਣੇ ਪੋਲਿੰਗ ਸਟੇਸ਼ਨ ਤੇ ਜਾ ਕੇ ਵੋਟਾਂ ਨਹੀਂ ਪਾ ਸਕਦੇ ਅਤੇ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਲੱਗੇ ਵੋਟਰ ਆਪਣੀ ਵੋਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 117 ਵਿੱਚ 26,27 ਤੇ 28 ਮਈ ਨੂੰ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਆਪਣੀ ਵੋਟ ਪੋਸਟਲ ਬੈਲਟ ਪੇਪਰਾਂ ਰਾਹੀਂ ਪਾ ਸਕਣਗੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀ ਤੇ ਕਰਮਚਾਰੀ 29,30 ਤੇ 31 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 117 ਵਿੱਚ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਆਪਣੀ ਵੋਟ ਦਾ ਪੋਸਟਲ ਬੈਲਟ ਪੇਪਰ ਰਾਹੀਂ ਇਸਤੇਮਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲੀਟੇਸ਼ਨ ਸੈਂਟਰਾਂ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਵਾਲੇ ਵੋਟਰਾਂ ਦੀ ਸਹਾਇਤਾ ਕਰਨਗੇ।