ਫ਼ਤਹਿਗੜ੍ਹ ਸਾਹਿਬ : ਸੂਬੇ ਵਿੱਚ ਪੈ ਰਹੀ ਸਖਤ ਗਰਮੀ ਨੂੰ ਵੇਖਦੇ ਹੋਏ ਅਗਾਮੀ ਲੋਕ ਸਭਾ ਚੋਣਾ ਸਬੰਧੀ 01 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਹੀਟ ਵੇਬ ਤੋਂ ਬਚਾਉਣ ਵਾਸਤੇ ਜ਼ਿਲ੍ਹੇ ਅੰਦਰ ਪੈਂਦੇ 544 ਪੋਲਿੰਗ ਸਟੇਸ਼ਨਾਂ ਤੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੀਟ ਵੇਬ ਤੋਂ ਬਚਾਅ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੀਆਂ ਸਾਰੀਆਂ ਪੋਲਿੰਗ ਲੋਕੇਸ਼ਨਾਂ ਤੇ ਆਸ਼ਾ ਵਰਕਰ ਸਮੇਤ ਲੋੜੀਂਦੀਆਂ ਦਵਾਈਆਂ ਅਤੇ ਓ.ਆਰ.ਐਸ. ਦੇ ਪੈਕਟਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਸਹਾਇਤਾ ਲਈ ਵਲੰਟੀਅਰਾਂ ਦੀ ਡਿਊਟੀ ਵੀ ਲਗਾਈ ਜਾਵੇਗੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਦੀ ਸਹੂਲਤ ਲਈ ਠੰਡੇ ਤੇ ਮਿੱਠੇ ਪਾਣੀ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਗਰਮੀ ਕਾਰਨ ਵੋਟਰਾਂ ਨੂੰ ਹੀਟ ਵੇਬ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬਜੁਰਗਾਂ ਤੇ ਛੋਟੇ ਬੱਚਿਆਂ ਵਾਲੀਆਂ ਔਰਤਾਂ ਦੀ ਸਹਾਇਤਾ ਲਈ ਵਲੰਟੀਅਰ ਵੀ ਤਾਇਨਾਤ ਕੀਤੇ ਜਾਣਗੇ ਤਾਂ ਜੋ ਇਨ੍ਹਾਂ ਨੂੰ ਵੋਟਾਂ ਪਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਹੀਟ ਵੇਬ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਓ.ਆਰ.ਐਸ. ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀਟ ਵੇਬ ਦੇ ਮਰੀਜਾਂ ਦੇ ਇਲਾਜ ਲਈ ਵੱਖਰੇ ਬੈੱਡ ਵੀ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 15 ਰੈਪਿਡ ਰਿਸਪਾਂਸ ਟੀਮਾਂ ਵੀ ਬਣਾਈਆਂ ਗਈਆਂ ਹਨ ਜੋ ਕਿ ਹੀਟ ਵੇਬ ਤੋਂ ਬਚਾਅ ਸਬੰਧੀ ਕੰਮ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਚੋਣ ਅਮਲੇ ਨੇ ਜਿਹੜੀਆਂ ਥਾਵਾਂ ਤੋਂ ਰਵਾਨਾਂ ਹੋਣਾ ਹੈ ਅਤੇ ਜਿਥੇ ਵਾਪਸ ਆਉਣਾ ਹੈ, ਉਨ੍ਹਾਂ ਸਥਾਨਾਂ ਤੇ ਵਿਸੇਸ਼ ਤੌਰ ਤੇ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਲੋੜ ਪੈਣ ਤੇ ਤੁਰੰਤ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੋਲਿੰਗ ਸਟੇਸ਼ਨਾਂ ਵਾਲੇ ਸਕੂਲਾਂ ਨੂੰ ਵੋਟਾਂ ਵਾਲੇ ਦਿਨ ਖੁਲ੍ਹਾ ਰੱਖਿਆ ਜਾਵੇ ਤਾਂ ਜੋ ਵੋਟਰ ਕਮਰਿਆਂ ਵਿੱਚ ਬੈਠ ਕੇ ਹੀਟ ਵੇਬ ਤੋਂ ਬਚੇ ਰਹਿਣ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਪੋਲਿੰਗ ਸਟੇਸ਼ਨਾਂ ਤੇ ਮੱਛਰਾਂ ਤੋਂ ਬਚਾਅ ਸਬੰਧੀ ਫੌਗਿੰਗ ਵੀ ਕਰਵਾਈ ਜਾਵੇ ਤਾਂ ਜੋ ਮੱਛਰਾਂ ਕਾਰਨ ਕਿਸੇ ਕਿਸਮ ਦੀ ਬਿਮਾਰੀ ਨਾ ਫੈਲ ਸਕੇ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਤੱਕ ਜਾਣ ਸਮੇਂ ਆਪਣਾ ਸਿਰ ਢੱਕ ਕੇ ਰੱਖਿਆ ਜਾਵੇ ਅਤੇ ਆਪਣੇ ਨਾਲ ਗਿੱਲ੍ਹਾ ਕਪੜਾ ਜਰੂਰ ਰੱਖਿਆ ਜਾਵੇ ਤਾਂ ਜੋ ਹੀਟ ਵੇਬ ਤੋਂ ਬਚਾਅ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਗਰਮੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਜਰੂਰ ਅਪਣਾਈਆਂ ਜਾਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੋਟਰ ਕਤਾਰ ਸੂਚਨਾ ਪ੍ਰਣਾਲੀ (Voter Queue Information System) ਵੀ ਲਾਂਚ ਕੀਤਾ ਗਿਆ ਹੈ, ਇਸ ਲਈ ਵੋਟਰ ਆਪਣੇ ਪੋਲਿੰਗ ਬੂਥ ਤੇ ਜਾਣ ਤੋਂ ਪਹਿਲਾਂ ਇਸ ਦੀ ਮਦਦ ਜਰੂਰ ਲੈਣ ਤਾਂ ਜੋ ਜਿਆਦਾ ਦੇਰ ਲਾਇਨਾਂ ਵਿੱਚ ਨਾ ਖੜਨਾ ਪਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਕਰਨਦੀਪ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਡੀ.ਡੀ.ਪੀ.ਓ. ਸ਼੍ਰੀ ਹਿਤੇਸ਼ਾ ਕਪਿਲਾ, ਸਹਾਇਕ ਸਿਵਲ ਸਰਜਨ ਡਾ: ਸਵਪਨਦੀਪ ਕੌਰ, ਐਸ.ਐਮ.ਓ. ਡਾ: ਬਲਕਾਰ ਸਿੰਘ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ: ਗੁਰਪ੍ਰੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀ ਸਮਸ਼ੇਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀ ਦੀਦਾਰ ਸਿੰਘ ਮਾਂਗਟ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫਸਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।