ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਿਹਗੜ੍ਹ ਸਾਹਿਬ ਦੇ ਸਕੱਤਰ ਸ਼੍ਰੀਮਤੀ ਦੀਪਤੀ ਗੋਇਲ ਨੇ ਅੱਜ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਕੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਦਿੱਤੀਆਂ ਜਾਂਦੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ, ਇਨ੍ਹਾਂ ਜੇਲ੍ਹਾਂ ਦੇ ਨਿਰੀਖਣ ਦੌਰਾਨ ਜੇਲ੍ਹ ਵਿੱਚ ਬੰਦ ਬੰਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਦੀਆਂ ਨੂੰ ਭਰੋਸਾ ਦਵਾਇਆ ਕਿ ਕਾਨੂੰਨੀ ਤੌਰ ਤੇ ਉਨ੍ਹਾਂ ਦੇ ਮਨੁੱਖੀ ਹੱਕਾਂ ਦੀ ਪੂਰੀ ਤਰ੍ਹਾਂ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਰਾਸਤ ਵਿੱਚ ਕੋਈ ਵੀ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ। ਉਨ੍ਹਾਂ ਕੈਦੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਵੱਖ-ਵੱਖ ਦੀਵਾਨੀ ਅਤੇ ਫੌਜ਼ਦਾਰੀ ਕੇਸਾਂ ਵਿੱਚ ਕੈਦੀਆਂ ਨੂੰ ਵਕੀਲ ਦੀਆਂ ਮੁਫਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਂਦੀਆਂ ਹਨ। ਸ਼੍ਰੀਮਤੀ ਗੋਇਲ ਨੇ ਕੈਦੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਫੌਜ਼ਦਾਰੀ ਕੇਸਾਂ ਵਿੱਚ ਵਿਸ਼ੇਸ਼ ਤੌਰ ਤੇ ਵਕੀਲਾਂ ਦੀਆਂ ਸੇਵਾਵਾਂ ਕੈਦੀਆਂ ਨੂੰ ਮੁਹੱਈਆਂ ਕਰਵਾਉਣ ਵਾਸਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਵਿਸ਼ੇਸ਼ ਤੌਰ ਤੇ ਡਿਫੈਂਸ ਕਾਊਂਸਲ ਵਿੰਗ ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਸਮੇਂ-ਸਮੇਂ ਤੇ ਲੋੜ ਅਨੁਸਾਰ ਕੈਦੀਆਂ ਨੂੰ ਜ਼ਿਲ੍ਹਾ ਕਚਹਿਰੀਆਂ ਵਿੱਚ ਡਿਫੈਂਸ ਕਾਊਂਸਲ ਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਸਕਣ।