ਕਿਹਾ ਕਿ ਕਤਾਰ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਵੋਟਰ ਵਟਸਐਪ ਨੰਬਰ 74474-47217 ਉੱਤੇ ‘ਵੋਟ’ ਟਾਇਪ ਕਰਨ
ਮਾਲੇਰਕੋਟਲਾ : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਗਾਮੀ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਪੱਧਰ ਤੇ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪੋਲਿੰਗ ਸਟਾਫ ਦੀ ਰਿਹਰਸਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੋਲਿੰਗ ਸਟਾਫ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੁੱਚੇ 400 ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੁੱਖਤਾ ਪ੍ਰਬੰਧ ਕੀਤੇ ਗਏ ਹਨ । ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੀਣ ਯੋਗ ਠੰਡੇ ਮਿੱਠੇ ਪਾਣੀ, ਛਾਂਦਾਰ ਹਵਾਦਾਰ ਬੈਠਣ ਲਈ ਸਥਾਨਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਪੋਲਿੰਗ ਸਟਾਫ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਹੋਰ ਕਿਹਾ ਕਿ ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਚ ਪਾਣੀ ਪੀਤਾ ਜਾਵੇ, ਨਿੰਬੂ ਪਾਣੀ, ਲੱਸੀ ਆਦਿ ਵੀ ਵਰਤੋਂ ਕਰਨ ਅਤੇ ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾਉਣ ਨੂੰ ਤਰਜੀਹ ਦੇਣ ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ ਪੰਜਾਬ ਵਲੋਂ " ਵੋਟਰ ਕਿਊ ਇਨਫੋਰਮੇਸ਼ਨ ਸਿਸਟਮ " ਦੀ ਸੁਰੂਆਤ ਕੀਤੀ ਹੈ। ਜਿਸ ਦੀ ਮਦਦ ਨਾਲ ਵੋਟਰ ਵੋਟ ਵਾਲੇ ਦਿਨ 01 ਜੂਨ ਨੂੰ ਆਪਣੇ ਪੋਲਿੰਗ ਸਟੇਸ਼ਨ ਉੱਤੇ ਜਾਣ ਤੋਂ ਪਹਿਲਾ ਹੀ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹਨ। ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਐਨਆਈਸੀ ਪੰਜਾਬ ਅਤੇ ਮੈਟਾ ਵਲੋਂ ਤਿਆਰ ਕੀਤਾ " ਵੋਟਰ ਕਿਊ ਇਨਫੋਰਮੇਸ਼ਨ ਸਿਸਟਮ " ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 74474-47217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਵੇਗੀ । ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।