ਪਟਿਆਲਾ : ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ 4 ਜੂਨ ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜ਼ਰ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਥਾਪਰ ਯੂਨੀਵਰਸਿਟੀ ਵਿਖੇ ਬਣਾਏ ਜਾ ਰਹੇ ਗਿਣਤੀ ਕੇਂਦਰ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਪੀ. ਸਿਟੀ ਸਰਫ਼ਰਾਜ ਆਲਮ, ਏ.ਡੀ.ਸੀ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਬਾਕੀ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ। ਉਨ੍ਹਾਂ ਨੇ ਸਟਰੌਂਗ ਰੂਮ ਸਮੇਤ ਪੋਸਟਲ ਬੈਲੇਟ ਪੇਪਰ ਦੀ ਗਿਣਤੀ ਕਮਰੇ ਅਤੇ ਈ.ਟੀ.ਪੀ.ਬੀ.ਸੀ. ਦੀ ਪ੍ਰੀ-ਕਾਊਂਟਿੰਗ ਦੇ ਹਾਲ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਉਣ ਲਈ ਆਖਿਆ।
ਪਟਿਆਲਾ ਜ਼ਿਲ੍ਹੇ 'ਚ ਗਿਣਤੀ ਕੇਂਦਰਾਂ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਮਤਦਾਨ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨਤਾ ਸਹਿਤ ਨੇਪਰੇ ਚਾੜ੍ਹਨ ਲਈ ਸਾਰੇ ਗਿਣਤੀਕਾਰਾਂ ਨੂੰ ਵਿਸ਼ੇਸ਼ ਸਿਖਲਾਈ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਰੂਪ 'ਚ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।