ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।