ਮਾਲੇਰਕੋਟਲਾ : ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਖਤਮ ਹੋਣ ਵੱਲ ਵੱਧ ਰਿਹਾ ਹੈ ਤਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੀ ਤਾਕਤ ਪੂਰੀ ਤਰਾਂ ਜਿੱਤਣ ਲਈ ਝੋਕ ਦਿੱਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਟਾਰ ਲੀਡਰ ਸ੍ਰੀ ਰਾਹੁਲ ਗਾਂਧੀ ਵੱਲੋਂ ਪਿਛਲੇ ਦੋ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਵਿਖੇ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਦਾ ਪ੍ਰਚਾਰ ਕਰਨ ਲਈ ਪਹੁੰਚੇ ਰਾਹੁਲ ਗਾਂਧੀ ਦਾ ਹਲਕਾ ਅਮਰਗੜ ਦੇ ਸੀਨੀਅਰ ਕਾਂਗਰਸੀ ਆਗੂ ਬੀਬਾ ਪ੍ਰਿਤਪਾਲ ਕੋਰ ਬਡਲਾ ( ਪੀਪੀਸੀਸੀ ਡੈਲੀਗੇਟ ) ਵੱਲੋਂ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਪਿ੍ਤਪਾਲ ਕੌਰ ਬਡਲਾ ਨੇ ਕਿਹਾ ਕਿ ਦੇਸ਼ ਅੰਦਰ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੀ ਹਨੇਰੀ ਚੱਲ ਰਹੀ ਹੈ ਅਤੇ ਕੇਂਦਰ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਜਿਸ ਵਿੱਚ ਮਹਿਲਾਵਾਂ ਨੂੰ ਪੂਰਾ ਸਤਿਕਾਰ ਅਤੇ ਉਹਨਾਂ ਦਾ ਹੱਕ ਮਿਲੇਗਾ। ਕਾਂਗਰਸ ਪਾਰਟੀ ਦੀ ਸਰਕਾਰ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਪੂਰਨ ਬਹੁਮਤ ਨਾਲ ਬਣੇਗੀ। ਬੀਬੀ ਬਡਲਾ ਨੇ ਕਿਹਾ ਕਿ ਪੰਜਾਬ ਵਿੱਚ ਵੀ ਕਾਂਗਰਸ ਪਾਰਟੀ ਪ੍ਰਧਾਨ ਸ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਦੇਸ਼ ਨੂੰ ਤੋੜਨ ਵਾਲਿਆਂ ਦੀ ਲੱਕ ਤੋੜਵੀ ਹਾਰ ਹੋਵੇਗੀ। ਬੀਬੀ ਬਡਲਾ ਨੇ ਸਾਰੇ ਲੋਕਾਂ ਨੂੰ ਵੋਟ ਜ਼ਰੂਰ ਪਾਉਣ ਦੀ ਅਪੀਲ ਵੀ ਕੀਤੀ।