ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ 08 ਫਤਹਿਗੜ੍ਹ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਅਮਨ ਅਮਾਨ ਨਾਲ ਸਪੰਨ ਹੋਇਆ ਅਤੇ ਵੋਟਾ ਦੀ ਗਿਣਤੀ ਮੌਕੇ ਚੋਣ ਅਬਜਰਵਰ ਸ੍ਰੀ ਰਾਕੇਸ਼ ਸ਼ੰਕਰ ਵੀ ਮੌਜੂਦ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਸ਼੍ਰੀ ਗੁਰਪ੍ਰੀਤ ਸਿੰਘ ਜੀ.ਪੀ. ਨੂੰ 34,202 ਵੋਟਾਂ ਨਾਲ ਮਾਤ ਦਿੱਤੀ।
ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਨੂੰ 3,32,591 ਵੋਟਾਂ ਪਈਆਂ ਅਤੇ ਜਦਕਿ ਆਮ ਆਦਮੀ ਪਾਰਟੀ ਦੇ ਸ. ਗੁਰਪ੍ਰੀਤ ਸਿੰਘ ਜੀ.ਪੀ. ਨੂੰ 2,98,389 ਵੋਟਾਂ ਪਈਆਂ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕੇ ਬਸੀ ਪਠਾਣਾ, ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 08:00 ਵਜੇ ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਵਿਖੇ ਸ਼ੁਰੂ ਹੋਇਆ। ਇਸੇ ਤਰ੍ਹਾਂ ਲੋਕ ਸਭਾ ਹਲਕੇ ਵਿੱਚ ਪੈਂਦੇ ਲੁਧਿਆਣਾ ਜ਼ਿਲ੍ਹੇ ਦੇ ਪੰਜ ਹਲਕੇ ਖੰਨਾ, ਪਾਇਲ, ਰਾਏਕੋਟ, ਸਮਰਾਲਾ ਅਤੇ ਸਾਹਨੇਵਾਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼੍ਰੀ ਗੁਰੂ ਨਾਨਕ ਦੇਵ ਇੰਜ਼ੀਨੀਅਰ ਕਾਲਜ ਲੁਧਿਆਣਾ ਵਿਖੇ ਸੰਪੰਨ ਹੋਇਆ।
ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ਼ ਵਿਖੇ ਵੋਟਾਂ ਦੀ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਗਿਆ ਅਤੇ ਗਿਣਤੀਕਾਰਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਨਿਰਪੱਖ ਢੰਗ ਨਾਲ ਨਿਭਾਈ ਗਈ। ਉਨ੍ਹਾਂ ਚੋਣ ਪ੍ਰਕ੍ਰਿਆ ਅਮਨ ਸ਼ਾਂਤੀ ਦੇ ਮਾਹੌਲ ਵਿੱਚ ਸੰਪਨ ਹੋਣ ਲਈ ਹਲਕੇ ਦੇ ਸੂਝਵਾਨ ਵੋਟਰਾਂ ਤੇ ਚੋਣ ਡਿਊਟੀ ਤੇ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਜੇਤੂ ਉਮੀਦਵਾਰ ਡਾ. ਅਮਰ ਸਿੰਘ ਨੂੰ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਜਿੱਤ ਦਾ ਸਰਟੀਫ਼ਿਕੇਟ ਵੀ ਸੌਂਪਿਆ ਗਿਆ।